ਤਾਜਾ ਖਬਰਾਂ
ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਜਬਰ ਅਤੇ ਜ਼ੁਲਮ ਦੀਆਂ ਹੱਦਾਂ ਪਾਰ ਹੋ ਚੁੱਕੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਘਰ-ਘਰ ਤੱਕ ਪਹੁੰਚ ਚੁੱਕਾ ਹੈ ਅਤੇ ਸਰਕਾਰ ਤੋਂ ਸਵਾਲ ਕਰਨ ਵਾਲਿਆਂ ਨੂੰ ਵੀ ਜ਼ਲੀਲ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਬਿਜਲੀ ਦੀ ਮਾੜੀ ਸਪਲਾਈ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਵੱਲੋਂ ਸੋਮਵਾਰ ਨੂੰ ਪਟਿਆਲਾ ਵਿਖੇ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਰਾਹੀਂ ਪੰਜਾਬ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਲਈ ਜਗਾਇਆ ਜਾਵੇਗਾ।
ਇਸ ਮੌਕੇ ਬੀਬੀ ਪ੍ਰਿਤਪਾਲ ਕੌਰ ਬਡਲਾ ਨੇ ਤੂਰਬੰਨਜਾਰਾ ਵਿਖੇ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਹਲਕਾ ਅਮਰਗੜ੍ਹ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵੀ ਰਾਜਾ ਵੜਿੰਗ ਨਾਲ ਵਿਚਾਰ-ਵਟਾਂਦਰਾ ਕੀਤਾ।
ਬੀਬੀ ਬਡਲਾ ਨੇ ਦੋਸ਼ ਲਾਇਆ ਕਿ ਹਲਕਾ ਅਮਰਗੜ੍ਹ ਵਿੱਚ ਨਸ਼ੇ ਦੀ ਵਿਕਰੀ ਜ਼ੋਰਾਂ ’ਤੇ ਹੈ ਅਤੇ ਸਰਕਾਰ ਵੱਲੋਂ ਇਸ ਨੂੰ ਰੋਕਣ ਲਈ ਕੋਈ ਢੁੱਕਵੇਂ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਕਿਹਾ ਕਿ ਹਲਕੇ ਦੇ ਕਈ ਪਿੰਡਾਂ ਵਿੱਚ ਵਿਧਾਇਕ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ‘ਆਪ’ ਆਗੂਆਂ ਲਈ ਪਿੰਡਾਂ ਵਿੱਚ ਜਾਣਾ ਮੁਸ਼ਕਲ ਹੋ ਸਕਦਾ ਹੈ।
ਉਨ੍ਹਾਂ ਬਿਜਲੀ ਸਪਲਾਈ ਦੀ ਮਾੜੀ ਸਥਿਤੀ ’ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਕਾਰਨ ਆਮ ਲੋਕਾਂ ਦਾ ਰੋਜ਼ਾਨਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਬੀਬੀ ਬਡਲਾ ਨੇ ਕਿਹਾ ਕਿ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਣ ਵਾਲੇ ਧਰਨੇ ਵਿੱਚ ਕਾਂਗਰਸੀ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
Get all latest content delivered to your email a few times a month.