IMG-LOGO
ਹੋਮ ਪੰਜਾਬ: ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵਿਧਾਇਕ ਗਿਆਸਪੁਰਾ ਨੇ ਸੌਂਪੇ...

ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵਿਧਾਇਕ ਗਿਆਸਪੁਰਾ ਨੇ ਸੌਂਪੇ ਨਿਯੁਕਤੀ ਪੱਤਰ, ਦਿੱਤੀ ਵਧਾਈ

Admin User - Sep 12, 2026 05:19 PM
IMG

ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਲੋਕ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬਲਾਕ ਮਲੌਦ ਦੇ ਨਵ-ਨਿਯੁਕਤ 32 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਪਾਇਲ ਵਿਖੇ ਕਰਵਾਏ ਸਮਾਗਮ ਦੌਰਾਨ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪੋਸ਼ਣ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਜ਼ਿੰਮੇਵਾਰੀ ਸਿਰਫ਼ ਨੌਕਰੀ ਤੱਕ ਸੀਮਿਤ ਨਹੀਂ, ਬਲਕਿ ਉਹ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਮੁੱਢਲੇ ਵਿਕਾਸ ਨਾਲ ਸਿੱਧੇ ਤੌਰ ’ਤੇ ਜੁੜੀਆਂ ਹੋਈਆਂ ਹਨ। ਇਸ ਤੋਂ ਇਲਾਵਾ ਸਰਕਾਰੀ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਵੀ ਉਨ੍ਹਾਂ ਦਾ ਅਹਿਮ ਯੋਗਦਾਨ ਹੁੰਦਾ ਹੈ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭਰਤੀ ਪ੍ਰਕਿਰਿਆ ਨੂੰ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਨਾਲ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਆਪਣੀ ਕਾਬਲੀਅਤ ਦੇ ਆਧਾਰ ’ਤੇ ਰੋਜ਼ਗਾਰ ਪ੍ਰਾਪਤ ਕਰਨ ਦੇ ਮੌਕੇ ਮਿਲ ਰਹੇ ਹਨ।

ਉਨ੍ਹਾਂ ਨਵ-ਨਿਯੁਕਤ ਵਰਕਰਾਂ ਅਤੇ ਹੈਲਪਰਾਂ ਨੂੰ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਮਹਿਲਾਵਾਂ ਅਤੇ ਬੱਚਿਆਂ ਨਾਲ ਸਬੰਧਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਸੂਬੇ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣਾ ਹੈ।

ਨਿਯੁਕਤੀ ਪੱਤਰ ਹਾਸਲ ਕਰਨ ਵਾਲੀਆਂ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੌਕਾ ਉਨ੍ਹਾਂ ਨੂੰ ਰੋਜ਼ਗਾਰ ਦੇ ਨਾਲ-ਨਾਲ ਸਮਾਜ ਦੀ ਸੇਵਾ ਕਰਨ ਦਾ ਵੀ ਮੌਕਾ ਪ੍ਰਦਾਨ ਕਰਦਾ ਹੈ।

ਇਸ ਮੌਕੇ ਵਿਭਾਗੀ ਅਧਿਕਾਰੀਆਂ ਤੋਂ ਇਲਾਵਾ ਸਥਾਨਕ ਆਗੂ, ਪਾਰਟੀ ਵਰਕਰ ਅਤੇ ਨਵ-ਨਿਯੁਕਤ ਆਂਗਣਵਾੜੀ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.