ਤਾਜਾ ਖਬਰਾਂ
ਜਲਾਲਾਬਾਦ ਪੁਲਿਸ ਥਾਣੇ ਵਿੱਚ ਹੋਏ ਧਮਾਕੇ ਦੇ ਮਾਮਲੇ ਨੂੰ ਪੰਜਾਬ ਪੁਲਿਸ ਨੇ ਟਰੇਸ ਕਰ ਲਿਆ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਥਾਣੇ ਦੇ ਪਿਛਲੇ ਪਾਸੇ ਹੋਇਆ ਧਮਾਕਾ ਹੈਂਡ ਗ੍ਰੇਨੇਡ ਕਾਰਨ ਹੋਇਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਵੱਲੋਂ ਥਾਣਾ ਸਿਟੀ ਜਲਾਲਾਬਾਦ ਵਿੱਚ ਮੁਕੱਦਮਾ ਨੰਬਰ 177 ਦਰਜ ਕਰਕੇ The Explosive Substances Act ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਕਾਰਵਾਈ ਕੀਤੀ ਗਈ ਹੈ। ਤਕਨੀਕੀ ਜਾਂਚ ਦੀ ਮਦਦ ਨਾਲ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ ਅਤੇ ਮਨਪ੍ਰੀਤ ਸਿੰਘ ਵਾਸੀ ਘੁਬਾਇਆ ਨੂੰ ਕਾਬੂ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਧਮਾਕਾ ਕਾਫੀ ਜ਼ੋਰਦਾਰ ਸੀ, ਜਿਸ ਕਾਰਨ ਥਾਣੇ ਦੇ ਅੰਦਰ ਖੜ੍ਹੀਆਂ ਦੋ ਪੁਰਾਣੀਆਂ ਗੱਡੀਆਂ ਦੀਆਂ ਖਿੜਕੀਆਂ ਵੀ ਨੁਕਸਾਨੀਆਂ ਗਈਆਂ। ਇਹ ਘਟਨਾ ਐਤਵਾਰ ਤੜਕੇ ਕਰੀਬ 2 ਵਜੇ ਵਾਪਰੀ ਸੀ। ਉਸ ਸਮੇਂ ਇਲਾਕੇ ਵਿੱਚ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਚੱਲ ਰਹੇ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ ਦੀ ਤਾਇਨਾਤੀ ਵੀ ਕੀਤੀ ਗਈ ਸੀ।
ਧਮਾਕੇ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਫੋਰੈਂਸਿਕ ਟੀਮਾਂ ਨੂੰ ਬੁਲਾ ਕੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਗਏ। ਇਸ ਦੇ ਨਾਲ ਹੀ ਥਾਣੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਗਈ, ਜਿਸ ਤੋਂ ਬਾਅਦ ਪੁਲਿਸ ਜਾਂਚ ਅੱਗੇ ਵਧੀ।
ਐਸਪੀ ਸਤਿੰਦਰ ਕੁਮਾਰ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਘਬਰਾਉਣ ਦੀ ਬਜਾਏ ਪੁਲਿਸ ਜਾਂਚ 'ਤੇ ਭਰੋਸਾ ਰੱਖਣ ਦੀ ਅਪੀਲ ਕੀਤੀ ਸੀ।
ਜਲਾਲਾਬਾਦ ਥਾਣੇ ਵਿੱਚ ਹੋਏ ਧਮਾਕੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਸਰਕਾਰ 'ਤੇ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਸਨ।
Get all latest content delivered to your email a few times a month.