ਤਾਜਾ ਖਬਰਾਂ
ਖੇਡ ਜਗਤ ਅਤੇ ਹਾਕੀ ਪ੍ਰੇਮੀਆਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਪੰਜਾਬ ਇਸ ਸਾਲ 27 ਅਕਤੂਬਰ ਤੋਂ 5 ਨਵੰਬਰ ਤੱਕ 'ਏਸ਼ੀਅਨ ਚੈਂਪੀਅਨਜ਼ ਟਰਾਫੀ 2026' ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਇਤਿਹਾਸਕ ਟੂਰਨਾਮੈਂਟ ਦੇ ਜ਼ਰੀਏ ਸੂਬੇ ਵਿੱਚ ਇੱਕ ਵਾਰ ਫਿਰ ਅੰਤਰਰਾਸ਼ਟਰੀ ਹਾਕੀ ਦੀ ਵਾਪਸੀ ਹੋ ਰਹੀ ਹੈ।
ਹਾਕੀ ਇੰਡੀਆ ਵੱਲੋਂ ਜਾਰੀ ਬਿਆਨ ਅਨੁਸਾਰ, ਇਹ ਵੱਕਾਰੀ ਟੂਰਨਾਮੈਂਟ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਜਾਵੇਗਾ।
ਜਲੰਧਰ ਵਿਖੇ ਹੋਣ ਵਾਲਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਈ-ਵੋਲਟੇਜ ਮੁਕਾਬਲਾ ਹੋਵੇਗਾ। ਸੂਤਰਾਂ ਮੁਤਾਬਕ ਇਸ ਹਾਈ-ਪ੍ਰੋਫਾਈਲ ਮੈਚ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰ ਸਕਦੇ ਹਨ, ਜਿਸ ਨਾਲ ਇਸ ਖੇਡ ਤਮਾਸ਼ੇ ਦਾ ਉਤਸ਼ਾਹ ਹੋਰ ਵੀ ਵਧ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਆਯੋਜਨ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ, "ਇਹ ਟੂਰਨਾਮੈਂਟ ਪੰਜਾਬ ਲਈ ਸਿਰਫ਼ ਇੱਕ ਖੇਡ ਮੁਕਾਬਲਾ ਨਹੀਂ, ਸਗੋਂ ਉਸ ਧਰਤੀ 'ਤੇ ਹਾਕੀ ਦੀ ਭਾਵਨਾਤਮਕ ਵਾਪਸੀ ਹੈ ਜਿਸਨੇ ਦੇਸ਼ ਨੂੰ ਮਹਾਨ ਹਾਕੀ ਖਿਡਾਰੀ ਦਿੱਤੇ ਹਨ। ਪੰਜਾਬ ਸਰਕਾਰ ਇਸ ਆਯੋਜਨ ਨੂੰ ਦੁਨੀਆ ਭਰ ਦੇ ਖੇਡ ਪ੍ਰੇਮੀਆਂ ਲਈ ਯਾਦਗਾਰ ਬਣਾਉਣ 'ਚ ਕੋਈ ਕਸਰ ਨਹੀਂ ਛੱਡੇਗੀ।"
ਇਸ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਛੇ ਪ੍ਰਮੁੱਖ ਟੀਮਾਂ—ਭਾਰਤ, ਪਾਕਿਸਤਾਨ, ਦੱਖਣੀ ਕੋਰੀਆ, ਮਲੇਸ਼ੀਆ, ਚੀਨ ਅਤੇ ਜਾਪਾਨ ਆਹਮੋ-ਸਾਹਮਣੇ ਹੋਣਗੀਆਂ, ਜਦਕਿ ਓਮਾਨ ਅਤੇ ਬੰਗਲਾਦੇਸ਼ ਨੂੰ ਰਿਜ਼ਰਵ ਟੀਮਾਂ ਵਜੋਂ ਰੱਖਿਆ ਗਿਆ ਹੈ। ਐਲਾਨ ਸਮੇਂ ਹਾਕੀ ਇੰਡੀਆ ਦੇ ਸਕੱਤਰ ਜਨਰਲ ਭੋਲਾ ਨਾਥ ਸਿੰਘ, ਡਾਇਰੈਕਟਰ ਜਨਰਲ ਆਰ. ਕੇ. ਸ੍ਰੀਵਾਸਤਵ, ਆਰ. ਪੀ. ਸਿੰਘ ਅਤੇ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
Get all latest content delivered to your email a few times a month.