ਤਾਜਾ ਖਬਰਾਂ
ਕੈਨੇਡਾ ਵਿੱਚ ਵਧਦੀਆਂ ਜਬਰਨ ਵਸੂਲੀ (Extortion) ਦੀਆਂ ਵਾਰਦਾਤਾਂ ਅਤੇ ਅਪਰਾਧਿਕ ਗਤੀਵਿਧੀਆਂ 'ਤੇ ਨੱਥ ਪਾਉਣ ਲਈ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਸਖ਼ਤ ਰੁੱਖ ਅਪਣਾ ਲਿਆ ਹੈ। ਏਜੰਸੀ ਨੇ ਪੰਜਾਬ ਨਾਲ ਸਬੰਧਤ ਚਾਰ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਅਪਰਾਧਿਕ ਸੰਗਠਨਾਂ ਨਾਲ ਤਾਰ ਜੁੜੇ ਹੋਣ ਅਤੇ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਦੇਸ਼ ਤੋਂ ਡਿਪੋਰਟ ਕਰ ਦਿੱਤਾ ਹੈ। ਇਮੀਗ੍ਰੇਸ਼ਨ ਅਤੇ ਰਫਿਊਜੀ ਪ੍ਰੋਟੈਕਸ਼ਨ ਐਕਟ (IRPA) ਤਹਿਤ ਕੀਤੀ ਗਈ ਇਸ ਕਾਰਵਾਈ ਵਿੱਚ ਜਬਰੀ ਵਸੂਲੀ ਲਈ ਹਿੰਸਾ ਅਤੇ ਗੋਲੀਬਾਰੀ ਕਰਨ ਵਾਲੇ ਪਲਵਿੰਦਰ ਸਿੰਘ ਦੇ ਨਾਲ-ਨਾਲ ਜ਼ਬਰਦਸਤੀ ਕੈਦ ਕਰਨ ਦੇ ਦੋਸ਼ੀ ਜਸਮੇਰ ਸਿੰਘ ਸਮੇਤ ਚਾਰੋਂ ਅਪਰਾਧੀਆਂ ਨੂੰ ਭਾਰਤ ਵਾਪਸ ਭੇਜ ਦਿੱਤਾ ਗਿਆ ਹੈ।
ਇਸ ਦੌਰਾਨ ਕੈਨੇਡਾ ਦੀ ਵਿੱਤੀ ਖੁਫੀਆ ਏਜੰਸੀ FINTRAC ਨੇ ਇੱਕ ਚੇਤਾਵਨੀ ਜਾਰੀ ਕਰਦਿਆਂ ਖੁਲਾਸਾ ਕੀਤਾ ਹੈ ਕਿ ਸਥਾਨਕ ਗੈਂਗਸਟਰ ਅਤੇ ਅਪਰਾਧਿਕ ਗਿਰੋਹ ਕੈਨੇਡਾ 'ਚ ਸਟੱਡੀ ਪਰਮਿਟ 'ਤੇ ਆਏ ਵਿੱਤੀ ਤੌਰ 'ਤੇ ਕਮਜ਼ੋਰ ਭਾਰਤੀ ਨੌਜਵਾਨਾਂ ਨੂੰ ਆਪਣੇ ਅਪਰਾਧਿਕ ਨੈੱਟਵਰਕ ਵਿੱਚ ਸ਼ਾਮਲ ਕਰਕੇ 'ਪੈਦਲ ਸਿਪਾਹੀਆਂ' ਵਜੋਂ ਵਰਤ ਰਹੇ ਹਨ। ਦੱਸਣਯੋਗ ਹੈ ਕਿ ਦੇਸ਼ 'ਚ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਲਈ ਸੀ.ਬੀ.ਐੱਸ.ਏ. ਵੱਲੋਂ ਚਲਾਈ ਗਈ ਇਸ ਮੁਹਿੰਮ ਤਹਿਤ ਇਸ ਸਾਲ ਹੁਣ ਤੱਕ 111 ਵਿਦੇਸ਼ੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ, ਜਦਕਿ 188 ਹੋਰਾਂ ਖ਼ਿਲਾਫ਼ ਦੇਸ਼ ਨਿਕਾਲੇ ਦੇ ਆਦੇਸ਼ ਜਾਰੀ ਕੀਤੇ ਗਏ ਹਨ।
Get all latest content delivered to your email a few times a month.