ਤਾਜਾ ਖਬਰਾਂ
ਸਰਹੱਦੀ ਸ਼ਹਿਰ ਵਿੱਚ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਿਰੋਹਾਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਤਿੰਨ ਵੱਡੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 9.549 ਕਿਲੋਗ੍ਰਾਮ ਹੈਰੋਇਨ, 5.459 ਕਿਲੋਗ੍ਰਾਮ ਅਫ਼ੀਮ ਅਤੇ ਇੱਕ ਗੈਰ-ਕਾਨੂੰਨੀ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ।
ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫੜੇ ਗਏ ਮੁਲਜ਼ਮਾਂ ਦੇ ਤਾਰ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਨਾਲ ਜੁੜੇ ਹੋਏ ਸਨ। ਇਹ ਗਿਰੋਹ ਸਰਹੱਦ ਪਾਰੋਂ ਡਰੋਨਾਂ ਰਾਹੀਂ ਹੈਰੋਇਨ, ਅਫ਼ੀਮ ਅਤੇ ਨਾਜਾਇਜ਼ ਅਸਲੇ ਦੀਆਂ ਖੇਪਾਂ ਮੰਗਵਾਉਂਦਾ ਸੀ ਅਤੇ ਅੱਗੇ ਸੂਬੇ ਵਿੱਚ ਸਪਲਾਈ ਕਰਦਾ ਸੀ। ਪੁਲਿਸ ਨੇ ਇਸ ਨੈੱਟਵਰਕ ਨਾਲ ਜੁੜੇ ਹੋਰਨਾਂ ਸਾਥੀਆਂ ਦੀ ਪਛਾਣ ਕਰਦਿਆਂ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਲਿੰਕਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਸਬੰਧੀ ਥਾਣਾ ਕੈਂਟ, ਥਾਣਾ 'ਏ'-ਡਿਵੀਜ਼ਨ ਅਤੇ ਥਾਣਾ ਛੇਹਰਟਾ ਵਿਖੇ ਵੱਖ-ਵੱਖ ਐੱਫ.ਆਈ.ਆਰ. (FIR) ਦਰਜ ਕੀਤੀਆਂ ਗਈਆਂ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਰੈਕੇਟ ਵਿੱਚ ਸ਼ਾਮਲ ਬਾਕੀ ਸ਼ੱਕੀ ਵਿਅਕਤੀਆਂ ਨੂੰ ਵੀ ਜਲਦ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਤਸਕਰੀ ਅਤੇ ਨਸ਼ੇ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਹੈ।
Get all latest content delivered to your email a few times a month.