ਤਾਜਾ ਖਬਰਾਂ
ਤਰਨਤਾਰਨ ਜ਼ਿਲ੍ਹੇ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਕਾਰਵਾਈ ਜਾਰੀ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਸੁਧਾਈ ਦੇ ਦੂਜੇ ਪੜਾਅ ਦੌਰਾਨ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਨਾਲ ਸਬੰਧਤ ਸੂਚੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਦਾ ਮਕਸਦ ਵੋਟਰ ਸੂਚੀ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖਣਾ ਹੈ।
ਜ਼ਿਲ੍ਹੇ ਦੇ ਤਰਨਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਵਿਧਾਨ ਸਭਾ ਹਲਕਿਆਂ ਦੇ ਈਆਰਓਜ਼ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹਫ਼ਤਾਵਾਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੈਠਕਾਂ ਵਿੱਚ 13 ਅਗਸਤ ਤੋਂ 12 ਸਤੰਬਰ 2026 ਤੱਕ ਫ਼ਾਰਮ ਨੰਬਰ 9, 10, 11, 11-ਏ ਅਤੇ 11-ਬੀ ਤਹਿਤ ਮਿਲੇ ਦਾਅਵਿਆਂ ਅਤੇ ਇਤਰਾਜ਼ਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ।
ਡਿਪਟੀ ਕਮਿਸ਼ਨਰ ਮੁਤਾਬਕ ਨਵੀਂ ਵੋਟ ਬਣਾਉਣ, ਐਨਆਰਆਈ ਵੋਟਰਾਂ ਦੀ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚੋਂ ਨਾਂ ਹਟਾਉਣ ਅਤੇ ਵੇਰਵਿਆਂ ਵਿੱਚ ਸੋਧ ਨਾਲ ਸਬੰਧਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਕਰਕੇ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।
ਮੀਟਿੰਗ ਵਿੱਚ ਕਾਂਗਰਸ ਵੱਲੋਂ ਲਖਵਿੰਦਰ ਸਿੰਘ ਲੱਕੀ ਪਾਗਲ, ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸੰਜੀਵ ਕੁਮਾਰ ਕੁੰਦਰਾ ਅਤੇ ਆਮ ਆਦਮੀ ਪਾਰਟੀ ਵੱਲੋਂ ਯਾਦਵਿੰਦਰ ਕੁਮਾਰ ਜਾਦੂ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ। ਪ੍ਰਸ਼ਾਸਨ ਨੇ ਸਾਰੇ ਸਿਆਸੀ ਦਲਾਂ ਤੋਂ ਵੋਟਰ ਸੂਚੀਆਂ ਨੂੰ ਗਲਤੀ-ਰਹਿਤ ਅਤੇ ਨਿਰਪੱਖ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ।
Get all latest content delivered to your email a few times a month.