ਤਾਜਾ ਖਬਰਾਂ
ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਅਪਰਾਧਿਕ ਅਨਸਰਾਂ 'ਤੇ ਨਕੇਲ ਕੱਸਣ ਲਈ ਅੰਮ੍ਰਿਤਸਰ ਪੁਲਿਸ ਨੇ ਵਿਸ਼ੇਸ਼ ਮੁਹਿੰਮ ਵਿੱਢ ਦਿੱਤੀ ਹੈ। ਇਸੇ ਤਹਿਤ ਥਾਣਾ ਗੁਜਰਪੁਰਾ ਦੇ ਖੇਤਰ ਵਿੱਚ ਆਉਂਦੇ ਗੁਜਰਪੁਰਾ, ਲਾਲ ਕਵਾਟਰ ਅਤੇ ਨਾਲ ਲੱਗਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਵੱਲੋਂ 'ਕੋਰਡਨ ਐਂਡ ਸਰਚ ਆਪਰੇਸ਼ਨ' (CASO) ਚਲਾ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ।
ਆਪਰੇਸ਼ਨ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀ.ਸੀ.ਪੀ. (ਹੈੱਡਕੁਆਰਟਰ) ਅਕਰਸ਼ੀ ਜੈਨ (IPS) ਖੁਦ ਮੌਕੇ 'ਤੇ ਪਹੁੰਚੇ ਅਤੇ ਸਮੁੱਚੀ ਕਾਰਵਾਈ ਦੀ ਨਿਗਰਾਨੀ ਕੀਤੀ। ਉਨ੍ਹਾਂ ਨਾਲ ਏ.ਡੀ.ਸੀ.ਪੀ. ਸਿਟੀ-1 ਜੋਗੇਸ਼ਵਰ ਸਿੰਘ ਗੋਰਾਇਆ (PPS), ਏ.ਸੀ.ਪੀ. ਸਾਊਥ ਪ੍ਰੀਤਇੰਦਰ ਸਿੰਘ ਅਤੇ ਵੱਖ-ਵੱਖ ਥਾਣਿਆਂ ਦੇ ਮੁੱਖੀ (SHO) ਭਾਰੀ ਪੁਲਿਸ ਫੋਰਸ ਸਮੇਤ ਮੌਜੂਦ ਸਨ।
ਤਲਾਸ਼ੀ ਅਭਿਆਨ ਦੌਰਾਨ ਪੁਲਿਸ ਟੀਮਾਂ ਨੇ ਘਰ-ਘਰ ਜਾ ਕੇ ਸਰਚ ਕੀਤਾ। ਇਸ ਦੌਰਾਨ ਸ਼ੱਕੀ ਵਿਅਕਤੀਆਂ, ਨਸ਼ਾ ਸਮੱਗਲਿੰਗ ਵਿੱਚ ਸ਼ਾਮਲ ਲੋਕਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖੀ ਗਈ। ਪੁਲਿਸ ਨੇ ਪੁਰਾਣੇ ਚੱਲ ਰਹੇ ਮਾਮਲਿਆਂ ਨਾਲ ਸਬੰਧਤ ਅਹਿਮ ਜਾਣਕਾਰੀਆਂ ਅਤੇ ਸੁਰਾਗ ਵੀ ਇੱਕਠੇ ਕੀਤੇ।
ਪੁਲਿਸ ਪ੍ਰਸ਼ਾਸਨ ਨੇ ਸਾਫ਼ ਸ਼ਬਦਾਂ ਵਿੱਚ ਤਾਕੀਦ ਕੀਤੀ ਹੈ ਕਿ ਸ਼ਹਿਰ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲਿਆਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਅਜਿਹੇ ਸਰਚ ਆਪਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ।
Get all latest content delivered to your email a few times a month.