IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ;...

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

Admin User - Sep 16, 2026 06:26 PM
IMG

ਚੰਡੀਗੜ੍ਹ/ਅੰਮ੍ਰਿਤਸਰ, 16 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸੀਮਾ ਪਾਰੋਂ ਤਸਕਰੀ ਦੇ ਮਾਡਿਊਲ ਨੂੰ ਨਾਕਾਮ ਕਰਦਿਆਂ 27 ਕਿਲੋ ਹੈਰੋਇਨ, ਇੱਕ ਅਤਿ-ਆਧੁਨਿਕ ਵਿਦੇਸ਼ੀ .30 ਬੋਰ ਪੀ ਐਕਸ 5 ਪਿਸਤੌਲ ਅਤੇ ਤਿੰਨ ਕਾਰਤੂਸਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਾਲ ਸਿੰਘ ਉਰਫ਼ ਸ਼ਾਲੂ, ਮਨਪ੍ਰੀਤ ਸਿੰਘ ਉਰਫ਼ ਸੰਨੀ ਅਤੇ ਸਮਾਰਟਪ੍ਰੀਤ ਸਿੰਘ, ਤਿੰਨੋਂ ਵਾਸੀ ਭੱਲਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਅਤੇ ਕਰਨ ਸਿੰਘ ਵਾਸੀ ਪਿੰਡ ਭੁੱਸੇ, ਤਰਨ ਤਾਰਨ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਇੱਕ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀਬੀ 02-ਸੀਡਬਲਯੂ-6647) ਅਤੇ ਗ੍ਰੇਅ ਰੰਗ ਦਾ ਹੋਂਡਾ ਐਕਟਿਵਾ (ਪੀਬੀ 02-ਈਐਕਸ-4503) ਵੀ ਜ਼ਬਤ ਕੀਤਾ ਹੈ, ਜਿਨ੍ਹਾਂ ਦੀ ਵਰਤੋਂ ਤਸਕਰੀ ਦੀਆਂ ਗਤੀਵਿਧੀਆਂ ਲਈ ਕੀਤੀ ਜਾ ਰਹੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਆਰੰਭਿਕ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਦੁਬਈ ਅਧਾਰਤ ਸੰਚਾਲਕ ਅਤੇ ਸੀਮਾ ਪਾਰੋਂ ਤਸਕਰਾਂ ਨਾਲ ਤਾਲਮੇਲ ਕਰਕੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ, ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਅੱਗੇ ਸਪਲਾਈ ਕਰਨੀ ਸੀ।

ਡੀਜੀਪੀ ਨੇ ਦੱਸਿਆ ਕਿ ਤਫਤੀਸ਼ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਪੁਲਿਸ ਤੋਂ ਬਚਣ ਦੇ ਮਕਸਦ ਨਾਲ ਆਪਣੇ ਹੈਂਡਲਰਾਂ ਨਾਲ ਸੰਪਰਕ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ।


ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਵਿਸ਼ਾਲ, ਮਨਪ੍ਰੀਤ, ਸਮਾਰਟਪ੍ਰੀਤ ਅਤੇ ਕਰਨ ਨੇ ਭਾਰਤ-ਪਾਕਿ ਸਰਹੱਦੀ ਖੇਤਰ ਅਟਾਰੀ ਤੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਅਤੇ ਹਥਿਆਰਾਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਸ ਖੇਪ ਨੂੰ ਅੱਡਾ ਖਾਸਾ, ਅੰਮ੍ਰਿਤਸਰ ਨੇੜੇ ਕਿਸੇ ਹੋਰ ਧਿਰ ਨੂੰ ਸੌਂਪਣਾ ਹੈ।


ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਬੱਸ ਸ਼ੈਲਟਰ, ਖਾਸਾ ਨੇੜੇ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ 27 ਕਿਲੋ ਹੈਰੋਇਨ, ਇੱਕ ਅਤਿ-ਆਧੁਨਿਕ ਵਿਦੇਸ਼ੀ .30 ਬੋਰ ਪੀਐਕਸ 5 ਪਿਸਤੌਲ ਅਤੇ 3 ਕਾਰਤੂਸ ਬਰਾਮਦ ਹੋਏ।


ਡੀਜੀਪੀ ਨੇ ਦੱਸਿਆ ਕਿ ਤਸਕਰੀ ਨੈੱਟਵਰਕ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਮੁਕੰਮਲ ਪਤਾ ਲਗਾਉਣ ਲਈ ਅੱਗੇ ਦੀ ਤਫਤੀਸ਼ ਜਾਰੀ ਹੈ।


ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25, 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 15-09-2026 ਨੂੰ ਐਫ.ਆਈ.ਆਰ. ਨੰਬਰ 58 ਦਰਜ ਕੀਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.