ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ ਕਰਵਾਈ ਜਾਵੇਗੀ। ਇਸ ਅਭਿਆਸ ਦਾ ਉਦੇਸ਼ ਸੂਬੇ ਵਿੱਚ ਸਿਵਲ ਡਿਫੈਂਸ ਪ੍ਰਬੰਧਾਂ ਦੀ ਸਮੀਖਿਆ ਕਰਨਾ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਤਿਆਰੀਆਂ ਨੂੰ ਮਜ਼ਬੂਤ ਕਰਨਾ ਹੈ।
ਸਰਕਾਰੀ ਬੁਲਾਰੇ ਅਨੁਸਾਰ, ਮੌਕ ਡਰਿੱਲ ਦੀ ਸ਼ੁਰੂਆਤ ਦੋ ਮਿੰਟ ਦੇ ਹਾਈ-ਲੋਅ ਪਿੱਚ ਸਾਇਰਨ ਨਾਲ ਹੋਵੇਗੀ। ਇਸ ਤੋਂ ਬਾਅਦ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਨਿਰਧਾਰਤ ਖੇਤਰਾਂ ਵਿੱਚ ਬਲੈਕਆਊਟ ਲਾਗੂ ਕੀਤਾ ਜਾਵੇਗਾ।
ਬਲੈਕਆਊਟ ਦੌਰਾਨ ਲੋਕਾਂ ਨੂੰ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਲਈ ਕਿਹਾ ਜਾਵੇਗਾ, ਜਦਕਿ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਡਰਿੱਲ ਦੇ ਸਮਾਪਤ ਹੋਣ ’ਤੇ ਦੋ ਮਿੰਟ ਦਾ ਤੇਜ਼ ਆਵਾਜ਼ ਵਾਲਾ ਸਾਇਰਨ ਵਜਾ ਕੇ ‘ਆਲ ਕਲੀਅਰ’ ਦਾ ਸੰਕੇਤ ਦਿੱਤਾ ਜਾਵੇਗਾ।
ਇਸ ਅਭਿਆਸ ਦੌਰਾਨ ਫਾਇਰ ਰਿਸਪਾਂਸ, ਖੋਜ ਅਤੇ ਬਚਾਅ ਕਾਰਜ, ਮੁੱਢਲੀ ਡਾਕਟਰੀ ਸਹਾਇਤਾ, ਜ਼ਖਮੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਅਤੇ ਆਵਾਜਾਈ ਤੇ ਭੀੜ ਕੰਟਰੋਲ ਨਾਲ ਸਬੰਧਤ ਪ੍ਰਬੰਧਾਂ ਦੀ ਜਾਂਚ ਕੀਤੀ ਜਾਵੇਗੀ।
ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਕ ਡਰਿੱਲ ਨੂੰ ਲੈ ਕੇ ਘਬਰਾਉਣ ਨਾ ਅਤੇ ਸ਼ਾਂਤੀ ਬਣਾਈ ਰੱਖਣ। ਲੋਕਾਂ ਨੂੰ ਅਧਿਕਾਰੀਆਂ ਨਾਲ ਸਹਿਯੋਗ ਕਰਨ ਅਤੇ ਜਾਰੀ ਕੀਤੇ ਜਾਣ ਵਾਲੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
Get all latest content delivered to your email a few times a month.