ਤਾਜਾ ਖਬਰਾਂ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਅੱਜ ‘ਮੀਰੀ ਪੀਰੀ ਖਾਲਸਾ ਮਾਰਚ’ ਦੇ ਤੀਜੇ ਗੇੜ ਦਾ ਆਗਾਜ਼ ਅੰਮ੍ਰਿਤ ਵੇਲੇ ਸੰਗਤੀ ਉਤਸ਼ਾਹ ਅਤੇ ਧਾਰਮਿਕ ਜੈਕਾਰਿਆਂ ਦੀ ਗੂੰਜ ਨਾਲ ਹੋਇਆ। ਪੰਥਕ ਰਵਾਇਤਾਂ ਅਨੁਸਾਰ ਆਰੰਭ ਹੋਇਆ ਇਹ ਵਿਸ਼ਾਲ ਮਾਰਚ ਮਾਲਵਾ ਖੇਤਰ ਤੋਂ ਹੁੰਦਾ ਹੋਇਆ ਹੁਣ ਦੁਆਬੇ ਅਤੇ ਮਾਝੇ ਦੇ ਵੱਖ-ਵੱਖ ਇਲਾਕਿਆਂ ਵੱਲ ਵਧੇਗਾ। 26 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਇਸ ਦੀ ਸੰਪੂਰਨਤਾ ਹੋਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਦਾ ਸਫ਼ਰ ਤੈਅ ਕਰ ਚੁੱਕਾ ਇਹ ਮਾਰਚ ਸਿੱਖੀ ਪ੍ਰਚਾਰ ਦੇ ਖੇਤਰ ਵਿੱਚ ਇੱਕ ਅਹਿਮ ਮੀਲ ਦਾ ਪੱਥਰ ਸਾਬਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੇ ਪੜਾਵਾਂ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਹੈ, ਜਦਕਿ ਹਜ਼ਾਰਾਂ ਨੌਜਵਾਨਾਂ ਨੇ ਨਸ਼ਿਆਂ ਵਰਗੀਆਂ ਬੁਰਾਈਆਂ ਦਾ ਤਿਆਗ ਕਰਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦਾ ਅਹਿਦ ਲਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਅਭਿਆਨ ਦਾ ਮੁੱਖ ਮਨੋਰਥ ਲੋਕਾਈ ਨੂੰ ਮੀਰੀ-ਪੀਰੀ ਦੇ ਮਹਾਨ ਸਿਧਾਂਤ ਨਾਲ ਜੋੜਨਾ ਅਤੇ ਸਮੁੱਚੇ ਖਾਲਸਾ ਪੰਥ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕਜੁੱਟ ਕਰਨਾ ਹੈ।
ਧਾਰਮਿਕ ਚੇਤਨਾ ਦੇ ਨਾਲ-ਨਾਲ ਇਹ ਮਾਰਚ ਪੰਜਾਬ ਵਿੱਚ ਫੈਲ ਰਹੇ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਵੀ ਇੱਕ ਵੱਡੀ ਜਾਗਰੂਕਤਾ ਮੁਹਿੰਮ ਦਾ ਰੂਪ ਧਾਰਨ ਕਰ ਚੁੱਕਾ ਹੈ। ਪ੍ਰਬੰਧਕਾਂ ਨੇ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਹੈ ਕਿ ਨੌਜਵਾਨ ਜਵਾਨੀ ਨੂੰ ਬਚਾਉਣ ਲਈ ਇਨ੍ਹਾਂ ਬੁਰਾਈਆਂ ਵਿਰੁੱਧ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇ।
Get all latest content delivered to your email a few times a month.