ਤਾਜਾ ਖਬਰਾਂ
ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਦਾ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਵਿਰੋਧ ਕੀਤਾ ਹੈ। ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਸਰਕਾਰ ਨੇ ਸੁਰੱਖਿਆ ਸਬੰਧੀ ਚਿੰਤਾਵਾਂ ਨੂੰ ਆਧਾਰ ਬਣਾਇਆ।
ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਜਸਟਿਸ ਐੱਮ.ਐੱਮ. ਸੁੰਦਰੇਸ਼ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਕਿ ਸਰਕਾਰ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਭੇਜਣ ਦੇ ਹੱਕ ਵਿੱਚ ਨਹੀਂ ਹੈ ਅਤੇ ਉਸਨੂੰ ਤਿਹਾੜ ਜੇਲ੍ਹ ਵਿੱਚ ਹੀ ਰੱਖਣ ਨੂੰ ਤਰਜੀਹ ਦੇਵੇਗੀ। ਉਨ੍ਹਾਂ ਹਵਾਰਾ ਦੇ ਪਿਛਲੇ ਜੇਲ੍ਹ ਫ਼ਰਾਰ ਮਾਮਲੇ ਦਾ ਵੀ ਹਵਾਲਾ ਦਿੱਤਾ।
ਹਵਾਰਾ ਵੱਲੋਂ ਪੰਜਾਬ ਦੀ ਜੇਲ੍ਹ ਵਿੱਚ ਤਬਾਦਲੇ ਦੀ ਮੰਗ ਕਰਦਿਆਂ ਜੇਲ੍ਹ ਵਿੱਚ ਚੰਗੇ ਆਚਰਣ, ਪੰਜਾਬ ਵਿੱਚ ਰਹਿੰਦੀ ਧੀ ਅਤੇ ਪੰਜਾਬ ਵਿੱਚ ਲੰਬਿਤ ਮਾਮਲਿਆਂ ਦੀ ਕਾਰਵਾਈ ਵਿੱਚ ਸ਼ਾਮਲ ਹੋਣ ਵਿੱਚ ਮੁਸ਼ਕਲਾਂ ਵਰਗੇ ਕਾਰਨਾਂ ਦਾ ਜ਼ਿਕਰ ਕੀਤਾ ਗਿਆ ਹੈ। ਉਸਨੇ ਇਹ ਵੀ ਕਿਹਾ ਹੈ ਕਿ ਪੰਜਾਬ ਦੇ ਜੇਲ੍ਹ ਵਿਭਾਗ ਵੱਲੋਂ 2016 ਵਿੱਚ ਉਸਦੇ ਤਬਾਦਲੇ ਦੀ ਸਿਫ਼ਾਰਸ਼ ਕੀਤੀ ਜਾ ਚੁੱਕੀ ਹੈ।
ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਵੱਲੋਂ ਮਾਮਲੇ ਦੀ ਸੁਣਵਾਈ ਅੱਗੇ ਪਾਉਣ ਦੀ ਬੇਨਤੀ ਤੋਂ ਬਾਅਦ ਅਗਲੀ ਸੁਣਵਾਈ 13 ਅਕਤੂਬਰ ਨੂੰ ਨਿਰਧਾਰਤ ਕੀਤੀ ਹੈ।
Get all latest content delivered to your email a few times a month.