IMG-LOGO
ਹੋਮ ਪੰਜਾਬ: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਉਦੇਸ਼ ਕੌਮੀ ਏਕਤਾ ਤੇ ਨੌਜਵਾਨਾਂ ਨੂੰ...

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਉਦੇਸ਼ ਕੌਮੀ ਏਕਤਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ: ਗਿਆਨੀ ਕੁਲਦੀਪ ਸਿੰਘ ਗੜਗੱਜ

Admin User - Sep 18, 2026 06:50 PM
IMG

ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਤੀਜੇ ਪੜਾਅ ਤਹਿਤ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ, ਬੰਗਾ ਤੋਂ ਖ਼ਾਲਸਈ ਰਵਾਇਤਾਂ ਅਨੁਸਾਰ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ, ਫਗਵਾੜਾ ਲਈ ਰਵਾਨਾ ਹੋਇਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਰਹੀਆਂ।

ਧਾਰਮਿਕ ਦੀਵਾਨ ਦੌਰਾਨ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਗੁਰ-ਇਤਿਹਾਸ ਸਾਂਝਾ ਕਰਦਿਆਂ ਗੁਰਬਾਣੀ ਅਤੇ ਗੁਰਮਤਿ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਉੱਥੇ ਹੀ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ ਵਿੱਚ ਸਿੱਖ ਕੌਮ ਦੇ ਇਤਿਹਾਸਕ ਸੰਘਰਸ਼ਾਂ ਅਤੇ ਗੁਰੂ ਸਾਹਿਬ ਪ੍ਰਤੀ ਅਟੁੱਟ ਵਿਸ਼ਵਾਸ ਦਾ ਜ਼ਿਕਰ ਕੀਤਾ।

ਉਨ੍ਹਾਂ ਕਿਹਾ ਕਿ ਮੌਜੂਦਾ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਿੱਖ ਕੌਮ ਨੂੰ ਆਪਣੀ ਵਿਰਾਸਤ ਤੋਂ ਸੇਧ ਲੈਂਦਿਆਂ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਅਨੁਸਾਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਉਦੇਸ਼ ਕੌਮੀ ਏਕਤਾ ਦਾ ਸੁਨੇਹਾ ਦੇਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ।

ਗਿਆਨੀ ਗੜਗੱਜ ਨੇ ਪੰਜਾਬ ਵਿੱਚ ਨਸ਼ਿਆਂ ਦੀ ਖੁੱਲ੍ਹੀ ਵਿਕਰੀ ’ਤੇ ਚਿੰਤਾ ਜ਼ਾਹਰ ਕਰਦਿਆਂ ਸਰਕਾਰ ਦੀ ਜਵਾਬਦੇਹੀ ਦਾ ਮੁੱਦਾ ਚੁੱਕਿਆ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਨ, ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਅਲਾਮਤਾਂ ਤੋਂ ਬਚਾਇਆ ਜਾ ਸਕੇ।

ਦੁਆਬੇ ਦੀ ਇਤਿਹਾਸਕ ਵਿਰਾਸਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਆਪਣੀ ਧਰਤੀ ਅਤੇ ਵਿਰਾਸਤ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਜਾਇਦਾਦ ਨਾ ਵੇਚਣ ਅਤੇ ਸਿੱਖਾਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਪਰਿਵਾਰਾਂ ਨੂੰ ਵੱਧ ਬੱਚੇ ਪੈਦਾ ਕਰਨ ਬਾਰੇ ਵੀ ਵਿਚਾਰ ਕਰਨ ਲਈ ਕਿਹਾ।

ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਵੱਲੋਂ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗਿਆਨੀ ਗੁਰਮਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ। ਮਾਰਚ ਦੌਰਾਨ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ, ਜਦਕਿ ਪੁਲਿਸ ਪ੍ਰਸ਼ਾਸਨ ਵੱਲੋਂ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.