ਤਾਜਾ ਖਬਰਾਂ
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (ਪੰਜਾਬ 25/11) ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ 22 ਸਤੰਬਰ 2026 ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਇਸ ਫੈਸਲੇ ਨਾਲ ਸੂਬੇ ਵਿੱਚ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਯੂਨੀਅਨ ਮੁਤਾਬਕ ਲਗਭਗ 6500 ਮੁਲਾਜ਼ਮ ਹੜਤਾਲ ਵਿੱਚ ਸ਼ਾਮਲ ਹੋਣਗੇ, ਜਿਸ ਕਾਰਨ ਕਰੀਬ 2700 ਬੱਸਾਂ ਦਾ ਸੰਚਾਲਨ ਰੁਕ ਸਕਦਾ ਹੈ।
ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੋਸ਼ ਲਗਾਇਆ ਕਿ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਠੇਕਾ ਪ੍ਰਣਾਲੀ ਖਤਮ ਕਰਨ ਦੇ ਮੁੱਦੇ ’ਤੇ ਸਿਰਫ਼ ਮੀਟਿੰਗਾਂ ਤੱਕ ਸੀਮਤ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 60 ਤੋਂ 65 ਮੀਟਿੰਗਾਂ ਹੋਣ ਦੇ ਬਾਵਜੂਦ ਮੰਗਾਂ ’ਤੇ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ।
ਯੂਨੀਅਨ ਆਗੂਆਂ ਨੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਪੂਰੀਆਂ ਤਨਖਾਹਾਂ ਅਤੇ ਹੋਰ ਸਹੂਲਤਾਂ ਦੇਣ ਸਮੇਤ PF ਅਤੇ ESI ਨਾਲ ਸਬੰਧਤ ਕਥਿਤ ਬੇਨਿਯਮੀਆਂ ਨੂੰ ਦੂਰ ਕਰਨ ਦੀ ਮੰਗ ਕੀਤੀ। ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਸਰਕਾਰੀ ਬੱਸਾਂ ਦੀ ਗਿਣਤੀ ਨਾ ਵਧਾਉਣ ਅਤੇ ਕਿਲੋਮੀਟਰ ਸਕੀਮ ਨੂੰ ਉਤਸ਼ਾਹਿਤ ਕਰਨ ’ਤੇ ਵੀ ਸਵਾਲ ਚੁੱਕੇ।
ਇਸ ਤੋਂ ਇਲਾਵਾ ਅੰਦੋਲਨ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਦਰਜ ਮਾਮਲੇ ਵਾਪਸ ਲੈਣ ਅਤੇ ਜੇਲ੍ਹ ਵਿੱਚ ਬੰਦ ਮੁਲਾਜ਼ਮਾਂ ਦੀ ਰਿਹਾਈ ਦੀ ਮੰਗ ਵੀ ਰੱਖੀ ਗਈ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੀਆਂ ਰਿਹਾਇਸ਼ਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ ਅਤੇ ਸਰਕਾਰੀ ਸਿਆਸੀ ਰੈਲੀਆਂ ਦਾ ਬਾਈਕਾਟ ਕੀਤਾ ਜਾਵੇਗਾ।
Get all latest content delivered to your email a few times a month.