ਤਾਜਾ ਖਬਰਾਂ
ਪੰਜਾਬ ਵੇਅਰਹਾਊਸਿੰਗ ਤਰਨਤਾਰਨ ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਨਾਮਜ਼ਦ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹਾਈਕੋਰਟ ਦੇ ਜਸਟਿਸ ਅਮਨ ਚੌਧਰੀ ਦੀ ਅਦਾਲਤ ਨੇ ਸੁਣਵਾਈ ਦੌਰਾਨ ਦੋਵਾਂ ਮੁਲਜ਼ਮਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਹੁਣ ਮੁਲਜ਼ਮਾਂ ਕੋਲ ਸੁਪਰੀਮ ਕੋਰਟ ਦਾ ਰੁੱਖ ਕਰਨ ਜਾਂ ਪੁਲਿਸ ਅੱਗੇ ਆਤਮ-ਸਮਰਪਣ ਕਰਨ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਬਚਿਆ।
ਮਾਮਲਾ ਸਾਲ 21 ਮਾਰਚ ਦਾ ਹੈ, ਜਦੋਂ ਵੇਅਰਹਾਊਸਿੰਗ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਖੁਦਕੁਸ਼ੀ ਕਰਨ ਤੋਂ ਪਹਿਲਾਂ ਰੰਧਾਵਾ ਨੇ ਇੱਕ ਵੀਡੀਓ ਰਿਕਾਰਡ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਪੀਏ ਦਿਲਬਾਗ ਸਿੰਘ 'ਤੇ ਗੰਭੀਰ ਦੋਸ਼ ਲਾਏ ਸਨ। ਮ੍ਰਿਤਕ ਅਨੁਸਾਰ ਪੰਜਾਬ ਵੇਅਰਹਾਊਸਿੰਗ ਦੇ ਇੱਕ ਟੈਂਡਰ ਨੂੰ ਲੈ ਕੇ ਉਸ ਨੂੰ ਇੱਕ ਘਰ ਵਿੱਚ ਬੁਲਾਇਆ ਗਿਆ ਸੀ, ਜਿੱਥੇ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਮਾਨਸਿਕ ਤੌਰ 'ਤੇ ਜ਼ਲੀਲ ਕੀਤਾ ਗਿਆ। ਇਸ ਤੋਂ ਇਲਾਵਾ ਰੰਧਾਵਾ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਗੈਂਗਸਟਰਾਂ ਰਾਹੀਂ ਧਮਕੀਆਂ ਦਿਵਾਈਆਂ ਜਾ ਰਹੀਆਂ ਸਨ।
ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਤਿੰਨਾਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਮਾਮਲੇ ਦੇ ਤੂਲ ਫੜਦਿਆਂ ਹੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਮੰਤਰੀ ਪਦ ਤੋਂ ਅਸਤੀਫਾ ਦੇ ਕੇ ਅਦਾਲਤ ਵਿੱਚ ਸਮਰਪਣ ਕਰ ਦਿੱਤਾ ਸੀ। ਹਾਲਾਂਕਿ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਪੀਏ ਦਿਲਬਾਗ ਸਿੰਘ ਲਗਾਤਾਰ ਪੁਲਿਸ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਹਨ। ਇਸ ਤੋਂ ਪਹਿਲਾਂ ਸਥਾਨਕ ਅਤੇ ਜ਼ਿਲ੍ਹਾ ਸੈਸ਼ਨ ਅਦਾਲਤਾਂ ਨੇ ਵੀ ਉਨ੍ਹਾਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਸਨ।
ਦੂਜੇ ਪਾਸੇ, ਮ੍ਰਿਤਕ ਡੀਐਮ ਦੀ ਪਤਨੀ ਉਪਿੰਦਰ ਕੌਰ ਜੌਲੀ ਵੱਲੋਂ ਇਸ ਹਾਈ-ਪ੍ਰੋਫਾਈਲ ਮਾਮਲੇ ਦੀ ਸੀਬੀਆਈ (CBI) ਜਾਂਚ ਕਰਵਾਉਣ ਲਈ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਨੂੰ ਹਾਲ ਹੀ ਵਿੱਚ ਵਾਪਸ ਲੈ ਲਿਆ ਗਿਆ ਹੈ। ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਹੁਣ ਅੰਮ੍ਰਿਤਸਰ ਪੁਲਿਸ ਵੱਲੋਂ ਦੋਵਾਂ ਰਹਿੰਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਕਰਨ ਦੀ ਸੰਭਾਵਨਾ ਹੈ।
Get all latest content delivered to your email a few times a month.