ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਇੱਕ ਮਹਿਲਾ ਵੱਲੋਂ ਲਾਏ ਗੰਭੀਰ ਇਲਜ਼ਾਮਾਂ ਦੇ ਆਧਾਰ 'ਤੇ ਪੰਜ ਸਿੰਘ ਸਾਹਿਬਾਨ ਨੇ ਦੋਵਾਂ ਨੂੰ ਪੰਥ 'ਚੋਂ ਖਾਰਜ ਕਰਨ ਦਾ ਆਦੇਸ਼ ਜਾਰੀ ਕਰ ਦਿੱਤਾ ਹੈ।
ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ 'ਚ ਆਖਿਆ ਗਿਆ ਹੈ ਕਿ ਅਜਿਹੀਆਂ ਘਟਨਾਵਾਂ ਨਾਲ ਸਿੱਖ ਕੌਮ ਦੇ ਵਕਾਰ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਸ ਦੇ ਮੱਦੇਨਜ਼ਰ ਸਮੁੱਚੀ ਸੰਗਤ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਹਨਾਂ ਦੋਵਾਂ ਨਾਲ ਕਿਸੇ ਕਿਸਮ ਦਾ ਵਰਤੋਂ-ਵਿਹਾਰ ਨਾ ਰੱਖਣ। ਨਾਲ ਹੀ, ਇਹਨਾਂ ਦੋਵਾਂ ਦੇ ਭਵਿੱਖ 'ਚ ਕਿਸੇ ਵੀ ਧਾਰਮਿਕ ਜਾਂ ਸਿੱਖ ਅਦਾਰੇ ਅੰਦਰ ਸੇਵਾ ਕਰਨ 'ਤੇ ਹਮੇਸ਼ਾ ਲਈ ਰੋਕ ਲਾ ਦਿੱਤੀ ਗਈ ਹੈ।
ਫੈਸਲੇ 'ਚ ਸਾਫ਼ ਕੀਤਾ ਗਿਆ ਹੈ ਕਿ ਅਮਰਜੀਤ ਸਿੰਘ ਜਦੋਂ ਤੱਕ ਖੁਦ ਨੂੰ ਬੇਗੁਨਾਹ ਸਾਬਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਚ ਪੇਸ਼ ਨਹੀਂ ਹੁੰਦੇ, ਉਦੋਂ ਤੱਕ ਉਹਨਾਂ ਦੀ ਪੰਥ 'ਚ ਵਾਪਸੀ ਨਹੀਂ ਹੋਵੇਗੀ।
ਇਹ ਫੈਸਲਾ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਲਿਆ ਗਿਆ, ਜਿਸ 'ਚ ਗਿਆਨੀ ਕੇਵਲ ਸਿੰਘ, ਗਿਆਨੀ ਟੇਕ ਸਿੰਘ, ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਭਾਈ ਮੰਗਲ ਸਿੰਘ ਵੀ ਸ਼ਾਮਲ ਸਨ।
Get all latest content delivered to your email a few times a month.