ਤਾਜਾ ਖਬਰਾਂ
ਅੰਮ੍ਰਿਤਸਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ਼੍ਰੀ ਸੰਤੋਖਸਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚੋਂ ਇੱਕ 68 ਸਾਲਾ ਬਜ਼ੁਰਗ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਸਥਾਨਕ ਆਈ.ਡੀ.ਐਚ. ਮਾਰਕੀਟ ਵਿੱਚ ਆਰਟੀਫਿਸ਼ੀਅਲ ਜਵੈਲਰੀ ਦੀ ਦੁਕਾਨ ਚਲਾਉਂਦਾ ਸੀ।
ਪ੍ਰਾਪਤ ਵੇਰਵਿਆਂ ਅਨੁਸਾਰ ਮਨਿੰਦਰ ਸਿੰਘ ਸ਼ਨੀਵਾਰ ਦੁਪਹਿਰ ਲਗਭਗ ਡੇਢ ਵਜੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਪਹੁੰਚਿਆ ਸੀ। ਗੁਰਦੁਆਰਾ ਪਰਿਸਰ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਤੋਂ ਖੁਲਾਸਾ ਹੋਇਆ ਹੈ ਕਿ ਉਹ ਨਤਮਸਤਕ ਹੋਣ ਤੋਂ ਬਾਅਦ ਆਪਣੇ ਕੱਪੜਿਆਂ ਸਮੇਤ ਹੀ ਸਰੋਵਰ ਵਿੱਚ ਉਤਰ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਗੁਰਦੁਆਰਾ ਕਮੇਟੀ ਦੇ ਸੇਵਾਦਾਰਾਂ ਵੱਲੋਂ ਤੁਰੰਤ ਤਲਾਸ਼ੀ ਅਭਿਆਨ ਚਲਾ ਕੇ ਉਸ ਨੂੰ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਪਾਣੀ ਵਿੱਚ ਡੁੱਬਣ ਕਾਰਨ ਇਹ ਭਾਣਾ ਵਾਪਰਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਸਥਾਨਕ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਥਾਣਾ ਮੁਖੀ ਅਨੁਸਾਰ ਸੀ.ਸੀ.ਟੀ.ਵੀ. ਫੁਟੇਜ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਹੀ ਅਗਲੀ ਬਣਦੀ 174 ਸੀ.ਆਰ.ਪੀ.ਸੀ. ਜਾਂ ਹੋਰ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Get all latest content delivered to your email a few times a month.