ਤਾਜਾ ਖਬਰਾਂ
ਫਰੀਦਕੋਟ : ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤੇ ਹਥਿਆਰ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਨੂੰ ਠੱਲ੍ਹ ਪਾਉਂਦਿਆਂ ਫਰੀਦਕੋਟ ਪੁਲਿਸ ਨੇ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ 'ਚੋਂ 47.3 ਕਿਲੋਗ੍ਰਾਮ ਹੈਰੋਇਨ, .30 ਬੋਰ ਦੇ ਤਿੰਨ ਪਿਸਤੌਲ, ਤਿੰਨ ਮੈਗਜ਼ੀਨ, 15 ਜ਼ਿੰਦਾ ਕਾਰਤੂਸ ਅਤੇ ਵਾਰਦਾਤਾਂ ਵਿੱਚ ਵਰਤੀਆਂ ਜਾ ਰਹੀਆਂ ਦੋ ਕਾਰਾਂ (ਹੌਂਡਾ ਸਿਟੀ ਅਤੇ ਹੁੰਡਈ ਔਰਾ) ਬਰਾਮਦ ਕੀਤੀਆਂ ਗਈਆਂ ਹਨ।
ਫ਼ੜੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਅੰਕੁਸ਼ (ਵਾਸੀ ਘੁਬਾਇਆ), ਮੰਗਲ ਸਿੰਘ (ਵਾਸੀ ਪੰਜੇ ਕੇ ਉੱਤਾਰ), ਸਚਿਨ ਉਰਫ਼ ਸੰਜੂ (ਵਾਸੀ ਪਰਭਾਤ ਸਿੰਘ ਵਾਲਾ) ਅਤੇ ਅਨਮੋਲ ਸਿੰਘ (ਵਾਸੀ ਲਾਮੋਚੜ ਖੁਰਦ) ਵਜੋਂ ਹੋਈ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਆਉਣ ਵਾਲੇ ਬਾਬਾ ਫਰੀਦ ਆਗਮਨ ਪੁਰਬ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਸੀ.ਆਈ.ਏ. (CIA) ਫਰੀਦਕੋਟ ਦੀ ਟੀਮ ਨੇ ਸ਼ੱਕ ਦੇ ਆਧਾਰ 'ਤੇ ਇੱਕ ਹੌਂਡਾ ਸਿਟੀ ਕਾਰ ਨੂੰ ਰੋਕਿਆ। ਤਲਾਸ਼ੀ ਲੈਣ 'ਤੇ ਕਾਰ 'ਚ ਸਵਾਰ ਚਾਰੇ ਅਪਰਾਧੀਆਂ ਕੋਲੋਂ ਭਾਰੀ ਮਾਤਰਾ 'ਚ ਹੈਰੋਇਨ ਅਤੇ ਨਾਜਾਇਜ਼ ਅਸਲਾ ਬਰਾਮਦ ਹੋਇਆ।
ਪੁਲਿਸ ਦੀ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਸੁੱਟੀਆਂ ਗਈਆਂ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ। ਇਸ ਤੋਂ ਬਾਅਦ ਇਹ ਮਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕੀਤਾ ਜਾਂਦਾ ਸੀ।
ਪੁਲਿਸ ਨੇ ਇਸ ਸਬੰਧੀ ਥਾਣਾ ਸਾਦਿਕ ਵਿਖੇ ਐੱਫ.ਆਈ.ਆਰ. ਨੰਬਰ 187 (ਮਿਤੀ 20-09-2026) ਤਹਿਤ NDPS ਐਕਟ ਦੀ ਧਾਰਾ 21(c) ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25(6) ਤੇ 25(7) ਅਧੀਨ ਮੁਕੱਦਮਾ ਦਰਜ ਕਰ ਲਿਆ ਹੈ। ਐੱਸ. ਐੱਸ. ਪੀ. ਬੈਂਸ ਨੇ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ (forward and backward) ਲਿੰਕ ਖੰਘਾਲਣ ਲਈ ਅਗਲੇਰੀ ਜਾਂਚ ਤੇਜ਼ੀ ਨਾਲ ਕੀਤੀ ਜਾ ਰਹੀ ਹੈ।
Get all latest content delivered to your email a few times a month.