ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਅੱਜ ਤੀਜੇ ਪੜਾਅ ਤਹਿਤ ਗੁਰਦੁਆਰਾ ਸਾਹਿਬ ਕਰਤਾਰਪੁਰ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਵੱਲ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਧਾਰਮਿਕ ਦੀਵਾਨ ਦੌਰਾਨ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ ਅਤੇ ਗੁਰਬਾਣੀ ਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ ਵਿੱਚ ਗੁਰਬਾਣੀ ਅਤੇ ਗੁਰੂ ਸ਼ਬਦ ਨੂੰ ਜੀਵਨ ਦਾ ਆਸਰਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਸੁਖ-ਦੁੱਖ ਵਿੱਚ ਗੁਰੂ ਸਾਹਿਬ ਅੱਗੇ ਅਰਦਾਸ ਕਰਨੀ ਸਿੱਖ ਦੇ ਜੀਵਨ ਦਾ ਅਹਿਮ ਹਿੱਸਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਬਾਣੀ, ਬਾਣੇ ਅਤੇ ਸਿੱਖ ਵਿਰਾਸਤ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਪਰਿਵਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਬੱਚਿਆਂ ਦੇ ਕੇਸਾਂ ਅਤੇ ਸਾਬਤ-ਸੂਰਤ ਸਰੂਪ ਦੀ ਸੰਭਾਲ ਕਰਨ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗੁਰਮਤਿ ਸੁਨੇਹਿਆਂ ਨੂੰ ਲੈ ਕੇ ਮੀਰੀ-ਪੀਰੀ ਖ਼ਾਲਸਾ ਮਾਰਚ ਪਿੰਡਾਂ ਅਤੇ ਘਰਾਂ ਤੱਕ ਪਹੁੰਚ ਕਰ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਾਰਚ ਦਾ ਉਦੇਸ਼ ਗੁਰੂ ਸਾਹਿਬਾਨ ਦੇ ਬਰਾਬਰੀ, ਨਿਆਂ, ਸੇਵਾ ਅਤੇ ਨਸ਼ਾ-ਮੁਕਤੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਅਨੁਸਾਰ ਹੁਣ ਤੱਕ 700 ਤੋਂ ਵੱਧ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਹੁੰਚ ਕੀਤੀ ਜਾ ਚੁੱਕੀ ਹੈ, ਜਿੱਥੇ ਨਸ਼ਿਆਂ ਦੀ ਸਮੱਸਿਆ ਇੱਕ ਵੱਡੀ ਚੁਣੌਤੀ ਵਜੋਂ ਸਾਹਮਣੇ ਆਈ ਹੈ।
ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਮਾਰਚ ਦਾ ਸਵਾਗਤ ਕੀਤਾ, ਜਦਕਿ ਪੁਲਿਸ ਪ੍ਰਸ਼ਾਸਨ ਵੱਲੋਂ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ ਗਿਆ।
Get all latest content delivered to your email a few times a month.