IMG-LOGO
ਹੋਮ ਪੰਜਾਬ: ਸੰਗਰੂਰ ਦੇ ਡੀਸੀ ਦਫ਼ਤਰ ਅੱਗੇ ਹਾਈਵੋਲਟੇਜ ਡਰਾਮਾ: ਜ਼ਹਿਰ ਨਿਗਲਣ ਵਾਲੇ...

ਸੰਗਰੂਰ ਦੇ ਡੀਸੀ ਦਫ਼ਤਰ ਅੱਗੇ ਹਾਈਵੋਲਟੇਜ ਡਰਾਮਾ: ਜ਼ਹਿਰ ਨਿਗਲਣ ਵਾਲੇ ਜੱਗਾ ਸਿੰਘ ‘ਤੇ ਪਹਿਲਾਂ ਹੀ ਦਰਜ ਨੇ 9 ਸੰਗੀਨ ਮਾਮਲੇ

Admin User - Sep 21, 2026 02:18 PM
IMG

ਸੰਗਰੂਰ ‘ਚ ਡੀਸੀ ਦਫ਼ਤਰ ਦੇ ਬਾਹਰ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਜਗਸੀਰ ਸਿੰਘ ਉਰਫ਼ ਜੱਗਾ ਦੇ ਮਾਮਲੇ ਵਿੱਚ ਇੱਕ ਨਵਾਂ ਅਤੇ ਹੈਰਾਨ ਕਰਨ ਵਾਲਾ ਖ਼ੁਲਾਸਾ ਹੋਇਆ ਹੈ। ਪੁਲਿਸ ਰਿਕਾਰਡ ਸਾਹਮਣੇ ਆਉਣ ਤੋਂ ਬਾਅਦ ਇਸ ਪੂਰੇ ਘਟਨਾਕ੍ਰਮ ਦਾ ਰੁਖ਼ ਬਦਲਦਾ ਨਜ਼ਰ ਆ ਰਿਹਾ ਹੈ।


ਐਸਐਸਪੀ ਰਵਜੋਤ ਗਰੇਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੱਗਾ ਸਿੰਘ ਕੋਈ ਸਾਧਾਰਨ ਵਿਅਕਤੀ ਨਹੀਂ ਹੈ, ਸਗੋਂ ਉਸ ਦੇ ਖ਼ਿਲਾਫ਼ ਪਹਿਲਾਂ ਤੋਂ ਹੀ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਮੁਤਾਬਕ ਜੱਗਾ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕੁੱਲ 9 ਕੇਸ ਦਰਜ ਹਨ, ਜਿਨ੍ਹਾਂ ਵਿੱਚ ਨਸ਼ਾ ਤਸਕਰੀ (ਐਨਡੀਪੀਐਸ ਐਕਟ), ਐਕਸਾਈਜ਼ ਐਕਟ ਅਤੇ ਆਈਪੀਸੀ ਦੀਆਂ ਧਾਰਾਵਾਂ ਤਹਿਤ ਦਰਜ ਮੁਕੱਦਮੇ ਸ਼ਾਮਲ ਹਨ। ਇਨ੍ਹਾਂ ਵਿੱਚੋਂ ਇੱਕ ਕੇਸ ਇਸੇ ਸਾਲ ਵੀ ਦਰਜ ਕੀਤਾ ਗਿਆ ਸੀ। ਫਿਲਹਾਲ ਜੱਗਾ ਸਿੰਘ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।


ਇਸ ਪੂਰੇ ਮਾਮਲੇ ਵਿੱਚ ਪਿੰਡ ਦੀ ਪੰਚਾਇਤ ਵੀ ਜੱਗਾ ਸਿੰਘ ਦੇ ਵਿਰੋਧ ਵਿੱਚ ਆ ਖੜ੍ਹੀ ਹੋਈ ਹੈ। ਪੰਚਾਇਤ ਦਾ ਸਾਫ਼ ਤੌਰ ‘ਤੇ ਕਹਿਣਾ ਹੈ ਕਿ ਜੱਗਾ ਵੱਲੋਂ ਡੀਸੀ ਦਫ਼ਤਰ ਅੱਗੇ ਜ਼ਹਿਰ ਨਿਗਲਣ ਦੀ ਘਟਨਾ ਕੋਈ ਅਸਲ ਖ਼ੁਦਕੁਸ਼ੀ ਦੀ ਕੋਸ਼ਿਸ਼ ਨਹੀਂ, ਸਗੋਂ ਪ੍ਰਸ਼ਾਸਨ ਅਤੇ ਪਿੰਡ ਦੇ ਮੋਹਤਬਰਾਂ ਉੱਤੇ ਦਬਾਅ ਬਣਾਉਣ ਲਈ ਰਚਿਆ ਗਿਆ ਇੱਕ ਸਿਆਸੀ ਸਟੰਟ ਮਾਤਰ ਹੈ।


ਜ਼ਿਕਰਯੋਗ ਹੈ ਕਿ ਜ਼ਹਿਰੀਲੀ ਦਵਾਈ ਨਿਗਲਣ ਤੋਂ ਪਹਿਲਾਂ ਜੱਗਾ ਸਿੰਘ ਨੇ ਪਿੰਡ ਦੇ ਸਰਪੰਚ ਸੁਖਵੀਰ ਸਿੰਘ ਉੱਤੇ ਗੰਭੀਰ ਇਲਜ਼ਾਮ ਲਾਏ ਸਨ। ਉਸ ਦਾ ਕਹਿਣਾ ਸੀ ਕਿ ਉਸ ਨੇ ਨਸ਼ੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਸੀ, ਜਿਸ ਤੋਂ ਬਾਅਦ ਸਰਪੰਚ ਅਤੇ ਉਸ ਦੇ ਸਾਥੀ ਉਸ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। ਜੱਗਾ ਨੇ ਦੋਸ਼ ਲਾਇਆ ਸੀ ਕਿ ਵੀਡੀਓ ਡਿਲੀਟ ਕਰਨ ਦੇ ਬਾਵਜੂਦ ਸਰਪੰਚ ਨੇ ਉਸ ਦੇ ਘਰ ਵੜ ਕੇ ਉਸ ਦੀ ਕੁੱਟਮਾਰ ਕੀਤੀ, ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਅਤੇ ਡੀਵੀਆਰ ਵੀ ਨਾਲ ਲੈ ਗਏ। ਉਸ ਦਾ ਇਹ ਵੀ ਦਾਅਵਾ ਸੀ ਕਿ ਪੁਲਿਸ ਕੋਲ ਸ਼ਿਕਾਇਤ ਦੇਣ ਦੇ ਬਾਵਜੂਦ ਉਸ ਦੀ ਕੋਈ ਸੁਣਵਾਈ ਨਹੀਂ ਹੋਈ।


ਐਸਐਸਪੀ ਨੇ ਸਪੱਸ਼ਟ ਕੀਤਾ ਹੈ ਕਿ ਪੁਲਿਸ ਇਸ ਮਾਮਲੇ ਦੇ ਹਰ ਪੱਖ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੇ ਲਹਿਜ਼ੇ ਵਿੱਚ ਕਿਹਾ ਕਿ ਅਜਿਹੇ ਹਥਕੰਡੇ ਅਪਣਾ ਕੇ ਜਾਂ ਖ਼ੁਦਕੁਸ਼ੀ ਦਾ ਡਰਾਮਾ ਕਰਕੇ ਪ੍ਰਸ਼ਾਸਨ ‘ਤੇ ਪ੍ਰੈਸ਼ਰ ਬਣਾਉਣਾ ਵੀ ਆਪਣੇ-ਆਪ ਵਿੱਚ ਕਾਨੂੰਨੀ ਜੁਰਮ ਹੈ ਅਤੇ ਇਸ ਕਾਰਨਾਮੇ ਲਈ ਵੀ ਜੱਗਾ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਦੋਵਾਂ ਧਿਰਾਂ ਦੇ ਬਿਆਨਾਂ ਦੀ ਪੜਤਾਲ ਕਰ ਰਹੀ ਹੈ।

(ਨੋਟ: ਜ਼ਿੰਦਗੀ ਬਹੁਤ ਕੀਮਤੀ ਹੈ। ਜੇਕਰ ਤੁਸੀਂ ਜਾਂ ਤੁਹਾਡਾ ਕੋਈ ਜਾਣਕਾਰ ਕਿਸੇ ਵੀ ਕਿਸਮ ਦੀ ਮਾਨਸਿਕ ਪ੍ਰੇਸ਼ਾਨੀ ਜਾਂ ਤਣਾਅ ਵਿੱਚੋਂ ਲੰਘ ਰਿਹਾ ਹੈ, ਤਾਂ ਇਕੱਲੇਪਣ ਦਾ ਸ਼ਿਕਾਰ ਨਾ ਹੋਵੋ। ਮਦਦ ਲਈ ਭਾਰਤ ਸਰਕਾਰ ਦੀ 'ਜੀਵਨ ਆਸਥਾ' ਹੈਲਪਲਾਈਨ ਨੰਬਰ 1800 233 3330 ‘ਤੇ ਸੰਪਰਕ ਕਰੋ।)

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.