ਤਾਜਾ ਖਬਰਾਂ
ਸੁਨਾਮ ਦੇ ਪਿੰਡ ਨਮੋਲ ਵਿੱਚ ਜੱਗਾ ਸਿੰਘ ਵੱਲੋਂ ਜ਼ਹਿਰੀਲੀ ਚੀਜ਼ ਖਾਣ ਦੇ ਮਾਮਲੇ ’ਚ ਪੁਲਿਸ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸੰਗਰੂਰ ਦੀ ਐਸਐਸਪੀ ਰਵਜੋਤ ਕੌਰ ਗਰੇਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜੱਗਾ ਸਿੰਘ ਖ਼ਿਲਾਫ਼ ਕੁੱਲ 9 ਐਫਆਈਆਰ ਦਰਜ ਹਨ, ਜਿਨ੍ਹਾਂ ਵਿੱਚ ਐਕਸਾਈਜ਼, ਐਨਡੀਪੀਐਸ ਅਤੇ ਬਲਾਤਕਾਰ ਨਾਲ ਸਬੰਧਤ ਮਾਮਲੇ ਵੀ ਸ਼ਾਮਲ ਹਨ।
ਐਸਐਸਪੀ ਅਨੁਸਾਰ, ਜੱਗਾ ਸਿੰਘ ਨੇ 12 ਸਤੰਬਰ ਨੂੰ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਜਾਰੀ ਕਰਕੇ ਪੁਲਿਸ ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਆਪਣੀ ਜਾਨ ਦੇਣ ਦੀ ਧਮਕੀ ਦਿੱਤੀ ਸੀ। ਇਸ ਸਬੰਧੀ ਵੀ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਨੇ ਉਸ ਦੇ ਪਿਛਲੇ ਅਪਰਾਧਿਕ ਰਿਕਾਰਡ ਅਤੇ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਜਾਂਚ ਜਾਰੀ ਹੋਣ ਦੀ ਗੱਲ ਆਖੀ ਹੈ।
ਦੂਜੇ ਪਾਸੇ, ਜੱਗਾ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਪਿੰਡ ਦੇ ਸਰਪੰਚ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜੱਗਾ ਸਿੰਘ ਨੇ ਦੋਸ਼ ਲਗਾਇਆ ਹੈ ਕਿ ਨਸ਼ਿਆਂ ਖ਼ਿਲਾਫ਼ ਵੀਡੀਓ ਪੋਸਟ ਕਰਨ ਤੋਂ ਬਾਅਦ ਉਸ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤਾ ਗਿਆ, ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕੀਤੀ ਗਈ ਅਤੇ ਸੀਸੀਟੀਵੀ ਕੈਮਰੇ ਤੋੜ ਕੇ ਡੀਵੀਆਰ ਲੈ ਜਾਇਆ ਗਿਆ।
ਹਾਲਾਂਕਿ, ਪਿੰਡ ਵਾਸੀਆਂ ਅਤੇ ਪੰਚਾਇਤ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਗਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਜੱਗਾ ਸਿੰਘ ਖ਼ਿਲਾਫ਼ ਪਹਿਲਾਂ ਤੋਂ ਹੀ ਨਸ਼ਿਆਂ ਨਾਲ ਸਬੰਧਤ ਮਾਮਲੇ ਦਰਜ ਹਨ ਅਤੇ ਸਰਪੰਚ ’ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ।
ਮਾਮਲੇ ਵਿੱਚ ਪੁਲਿਸ ਜਾਂਚ ਅਤੇ ਦੋਵਾਂ ਧਿਰਾਂ ਦੇ ਦਾਅਵਿਆਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Get all latest content delivered to your email a few times a month.