ਤਾਜਾ ਖਬਰਾਂ
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਮੰਗਲਵਾਰ ਨੂੰ ਮੋਹਾਲੀ ਪਹੁੰਚੀ। ਇਸ ਮੌਕੇ ਕਰਵਾਈਆਂ ਗਈਆਂ ਜਨਸਭਾਵਾਂ ਦੌਰਾਨ ਭਾਜਪਾ ਆਗੂਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਂਝੇ ਤੌਰ ’ਤੇ ਯਤਨ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸੀਨੀਅਰ ਆਗੂ ਸੂਦ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੋਣ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ, ਸਿਆਸੀ ਪਾਰਟੀਆਂ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।
ਸੂਦ ਨੇ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ’ਤੇ ਲੋਕ ਹਿੱਤਾਂ ਦੀ ਬਜਾਏ ਸਿਆਸੀ ਅਤੇ ਨਿੱਜੀ ਸਵਾਰਥਾਂ ਨੂੰ ਤਰਜੀਹ ਦੇਣ ਦੇ ਦੋਸ਼ ਵੀ ਲਗਾਏ। ਉਨ੍ਹਾਂ ਉੱਤਰ ਪ੍ਰਦੇਸ਼ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਕੀਤੀ ਗਈ ਸਖ਼ਤ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਵੀ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ।
ਇਸ ਤੋਂ ਬਾਅਦ ਫੇਜ਼-11 ਤੋਂ ਫੇਜ਼-1 ਦੇ ਰਾਮਲੀਲਾ ਮੈਦਾਨ ਤੱਕ ਵਿਸ਼ਾਲ ਯਾਤਰਾ ਕੱਢੀ ਗਈ। ਵੱਡੇ ਰੱਥਨੁਮਾ ਵਾਹਨਾਂ ਦੇ ਕਾਫ਼ਲੇ ਨਾਲ ਭਾਜਪਾ ਵਰਕਰ ਯਾਤਰਾ ਵਿੱਚ ਸ਼ਾਮਲ ਹੋਏ। ਰਸਤੇ ਵਿੱਚ ਕਈ ਥਾਵਾਂ ’ਤੇ ਸਥਾਨਕ ਲੋਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ।
ਭਾਜਪਾ ਆਗੂਆਂ ਨੇ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਮਕਸਦ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਸਮੱਸਿਆ ਤੋਂ ਬਚਾਉਣ ਲਈ ਜਾਗਰੂਕਤਾ ਪੈਦਾ ਕਰਨਾ ਹੈ।
Get all latest content delivered to your email a few times a month.