IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਲਾਹੌਰ ਦੀਆਂ ਸਿੱਖ ਵਿਰਾਸਤੀ ਨਿਸ਼ਾਨੀਆਂ ਦੀ ਸੰਭਾਲ ਲਈ ਜਥੇਦਾਰ ਗੜਗੱਜ...

ਲਾਹੌਰ ਦੀਆਂ ਸਿੱਖ ਵਿਰਾਸਤੀ ਨਿਸ਼ਾਨੀਆਂ ਦੀ ਸੰਭਾਲ ਲਈ ਜਥੇਦਾਰ ਗੜਗੱਜ ਨੇ ਪਾਕਿਸਤਾਨ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

Admin User - Sep 23, 2026 03:42 PM
IMG

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਪੱਤਰ ਲਿਖ ਕੇ ਲਾਹੌਰ ਵਿੱਚ ਸਿੱਖ ਇਤਿਹਾਸ ਨਾਲ ਜੁੜੀਆਂ ਵਿਰਾਸਤੀ ਨਿਸ਼ਾਨੀਆਂ ਦੀ ਸੁਰੱਖਿਆ ਅਤੇ ਸੰਭਾਲ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਪੱਤਰ ਵਿੱਚ ਖਾਸ ਤੌਰ ’ਤੇ ਲਾਹੌਰ ਦੇ ਅੰਦਰੂਨ ਸ਼ਹਿਰ ਵਿੱਚ ਸਥਿਤ ‘ਲਾਲ ਖੂਹ, ਕੱਟੜੀ ਚੰਦੂ’ ਦੀ ਮੌਜੂਦਾ ਸਥਿਤੀ ਦੀ ਤੱਥਾਂ ਦੇ ਆਧਾਰ ’ਤੇ ਜਾਂਚ ਕਰਵਾਉਣ ਦੀ ਅਪੀਲ ਕੀਤੀ ਗਈ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਪੱਤਰ ਦਾ ਮਕਸਦ ਕਿਸੇ ਸਰਕਾਰ, ਸੰਸਥਾ ਜਾਂ ਵਿਅਕਤੀ ’ਤੇ ਦੋਸ਼ ਲਗਾਉਣਾ ਨਹੀਂ, ਬਲਕਿ ਲਾਹੌਰ ਨਾਲ ਜੁੜੀ ਸਿੱਖ ਕੌਮ ਦੀ ਸਾਂਝੀ ਇਤਿਹਾਸਕ ਵਿਰਾਸਤ ਵੱਲ ਸਰਕਾਰ ਦਾ ਧਿਆਨ ਖਿੱਚਣਾ ਹੈ। ਉਨ੍ਹਾਂ ਕਿਹਾ ਕਿ ਲਾਹੌਰ ਦੀ ਧਰਤੀ ਸਿੱਖ ਗੁਰੂ ਸਾਹਿਬਾਨ ਦੀਆਂ ਯਾਦਾਂ ਅਤੇ ਸਿੱਖ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੁੜੀ ਹੋਈ ਹੈ, ਇਸ ਲਈ ਇੱਥੇ ਬਚੀਆਂ ਇਤਿਹਾਸਕ ਨਿਸ਼ਾਨੀਆਂ ਦੀ ਸੰਭਾਲ ਬੇਹੱਦ ਜ਼ਰੂਰੀ ਹੈ।

ਉਨ੍ਹਾਂ ‘ਲਾਲ ਖੂਹ, ਕੱਟੜੀ ਚੰਦੂ’ ਸਥਾਨ ਸਬੰਧੀ ਸਾਹਮਣੇ ਆਈਆਂ ਉਸਾਰੀ ਦੀਆਂ ਚਿੰਤਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸੇ ਵੀ ਨਤੀਜੇ ’ਤੇ ਪਹੁੰਚਣ ਤੋਂ ਪਹਿਲਾਂ ਸਰਕਾਰੀ ਪੱਧਰ ’ਤੇ ਤੱਥਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਵਾਲਡ ਸਿਟੀ ਆਫ਼ ਲਾਹੌਰ ਅਥਾਰਿਟੀ, ਪੁਰਾਤੱਤਵ ਵਿਭਾਗ ਅਤੇ ਹੋਰ ਸਬੰਧਤ ਮਾਹਰਾਂ ਰਾਹੀਂ ਸਥਾਨ ਦੀ ਇਤਿਹਾਸਕ ਤੇ ਵਿਰਾਸਤੀ ਮਹੱਤਤਾ ਦੀ ਪੜਤਾਲ ਕਰਵਾਈ ਜਾਵੇ।

ਜਥੇਦਾਰ ਗੜਗੱਜ ਨੇ ਇਹ ਵੀ ਮੰਗ ਕੀਤੀ ਕਿ ਜਾਂਚ ਵਿੱਚ ਸਿੱਖ ਇਤਿਹਾਸ ਦੇ ਮਾਹਰਾਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇ। ਜੇਕਰ ਜਾਂਚ ਵਿੱਚ ਸਥਾਨ ਦੀ ਇਤਿਹਾਸਕ ਮਹੱਤਤਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਕਾਨੂੰਨੀ ਤੌਰ ’ਤੇ ਸੁਰੱਖਿਅਤ ਵਿਰਾਸਤੀ ਸਥਾਨ ਵਜੋਂ ਦਰਜ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਲਾਹੌਰ ਦੇ ਅੰਦਰੂਨ ਸ਼ਹਿਰ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਪ੍ਰਮੁੱਖ ਸਥਾਨਾਂ ਦਾ ਵਿਆਪਕ ਵਿਰਾਸਤੀ ਸਰਵੇਖਣ ਕਰਵਾਉਣ ਦੀ ਵੀ ਮੰਗ ਕੀਤੀ, ਤਾਂ ਜੋ ਇਨ੍ਹਾਂ ਸਥਾਨਾਂ ਦੀ ਮੌਜੂਦਾ ਸਥਿਤੀ, ਇਤਿਹਾਸਕ ਮਹੱਤਤਾ, ਮਲਕੀਅਤ ਅਤੇ ਕਾਨੂੰਨੀ ਸਥਿਤੀ ਦਾ ਰਿਕਾਰਡ ਤਿਆਰ ਕੀਤਾ ਜਾ ਸਕੇ।

ਜਥੇਦਾਰ ਗੜਗੱਜ ਨੇ ਪਾਕਿਸਤਾਨ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਅਤੇ ਮੁੜ ਖੋਲ੍ਹਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਲਾਹੌਰ ਦੀਆਂ ਸਿੱਖ ਵਿਰਾਸਤੀ ਨਿਸ਼ਾਨੀਆਂ ਦੇ ਮਾਮਲੇ ਨੂੰ ਵੀ ਗੰਭੀਰਤਾ ਨਾਲ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਣ ਵਾਲੀ ਕਾਰਵਾਈ ਦੀ ਜਾਣਕਾਰੀ ਸਿੱਖ ਸੰਗਤ ਅਤੇ ਸਿੱਖ ਸੰਸਥਾਵਾਂ ਨਾਲ ਸਾਂਝੀ ਕੀਤੀ ਜਾਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਆਸ ਪ੍ਰਗਟਾਈ ਕਿ ਪਾਕਿਸਤਾਨ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਮੁਹੱਈਆ ਕਰਵਾਈ ਜਾਵੇਗੀ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.