ਤਾਜਾ ਖਬਰਾਂ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਇਆ ਜਾ ਰਿਹਾ 'ਮੀਰੀ ਪੀਰੀ ਖ਼ਾਲਸਾ ਮਾਰਚ' ਆਪਣੇ ਅੰਤਿਮ ਪੜਾਅ ਵਿੱਚ ਦਾਖ਼ਲ ਹੋ ਗਿਆ ਹੈ। 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਣ ਜਾ ਰਹੇ ਇਸ ਮਾਰਚ ਦੇ ਆਖਰੀ ਦੋ ਦਿਨਾਂ ਦੌਰਾਨ ਸੰਭਾਵੀ ਸ਼ਰਾਰਤੀ ਘਟਨਾਵਾਂ ਨੂੰ ਲੈ ਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਅਹਿਮ ਚਿਤਾਵਨੀ ਬਿਆਨ ਜਾਰੀ ਕੀਤਾ ਗਿਆ ਹੈ।
ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਪੁਖ਼ਤਾ ਜਾਣਕਾਰੀ ਮਿਲੀ ਹੈ ਕਿ ਮਾਰਚ ਦੀ ਸਫ਼ਲਤਾ ਤੋਂ ਬੌਖਲਾ ਕੇ ਸਰਕਾਰੀ ਸ਼ਹਿ ਪ੍ਰਾਪਤ ਕੁਝ ਸ਼ਰਾਰਤੀ ਅਨਸਰ ਇਸ ਵਿੱਚ ਵਿਘਨ ਪਾਉਣ ਦੀ ਸਾਜ਼ਿਸ਼ ਰਚ ਰਹੇ ਹਨ, ਤਾਂ ਜੋ ਸੰਗਤਾਂ ਵਿੱਚ ਗਲਤ ਸੁਨੇਹਾ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਸਿੱਖ-ਵਿਰੋਧੀ ਚਾਲਾਂ ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਜੇਕਰ ਮਾਰਚ ਦੇ ਬਾਕੀ ਦਿਨਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਸੰਗਤ ਵੱਲੋਂ ਵਿਰੋਧ ਦੌਰਾਨ ਹਾਲਾਤ ਵਿਗੜਦੇ ਹਨ, ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਤਿੰਨਾਂ ਪੜਾਅ ਦੌਰਾਨ ਸਿੰਘ ਸਾਹਿਬਾਨਾਂ ਅਤੇ ਪ੍ਰਚਾਰਕਾਂ ਦੀ ਅਗਵਾਈ ਹੇਠ ਹਜ਼ਾਰਾਂ ਨੌਜਵਾਨਾਂ ਨੇ ਨਸ਼ੇ ਤਿਆਗ ਕੇ ਸਾਬਤ-ਸੂਰਤ ਸਿੱਖੀ ਸਰੂਪ ਧਾਰਨ ਕਰਨ ਦਾ ਅਹਿਦ ਲਿਆ ਹੈ। ਪ੍ਰਸ਼ਾਸਨ ਅਤੇ ਪੁਲਿਸ ਨੂੰ ਮਾਰਚ ਦੇ ਰੂਟਾਂ 'ਤੇ ਕੜੇ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਹੈ।
Get all latest content delivered to your email a few times a month.