IMG-LOGO
ਹੋਮ ਪੰਜਾਬ, ਰਾਸ਼ਟਰੀ, ਖੇਡਾਂ, ਮਾਨਸਾ ਦੇ ਸਤਨਾਮ ਸਿੰਘ ਨੇ ਏਸ਼ੀਅਨ ਖੇਡਾਂ ’ਚ ਰਚਿਆ ਇਤਿਹਾਸ,...

ਮਾਨਸਾ ਦੇ ਸਤਨਾਮ ਸਿੰਘ ਨੇ ਏਸ਼ੀਅਨ ਖੇਡਾਂ ’ਚ ਰਚਿਆ ਇਤਿਹਾਸ, ਰੋਇੰਗ ’ਚ ਜਿੱਤਿਆ ਕਾਂਸੀ ਦਾ ਤਗਮਾ

Admin User - Sep 24, 2026 05:32 PM
IMG

ਮਾਨਸਾ ਦੇ ਪਿੰਡ ਫੱਤਾ ਮਾਲੋਕਾ ਦੇ ਰੋਇੰਗ ਖਿਡਾਰੀ ਸਤਨਾਮ ਸਿੰਘ ਨੇ ਏਸ਼ੀਅਨ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਆਪਣੇ ਪਰਿਵਾਰ, ਪਿੰਡ, ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਜਾਪਾਨ ਦੇ ਆਈਚੀ-ਨਾਗੋਆ ਸਥਿਤ ਨਾਗਾਰਾਗਾਵਾ ਇੰਟਰਨੈਸ਼ਨਲ ਰੇਗਾਟਾ ਕੋਰਸ ਵਿਖੇ ਹੋਏ ਰੋਇੰਗ ਮੁਕਾਬਲੇ ਵਿੱਚ ਸਤਨਾਮ ਸਿੰਘ ਅਤੇ ਉਸਦੇ ਸਾਥੀ ਸਲਮਾਨ ਖਾਨ ਨੇ ਪੁਰਸ਼ਾਂ ਦੇ ਡਬਲ ਸਕਲਜ਼ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਭਾਰਤੀ ਜੋੜੀ ਨੇ 6 ਮਿੰਟ 13.25 ਸਕਿੰਟ ਦੇ ਸਮੇਂ ਨਾਲ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ।

ਪਰਿਵਾਰਕ ਮੈਂਬਰਾਂ ਮੁਤਾਬਕ ਸਤਨਾਮ ਸਿੰਘ ਨੂੰ ਬਚਪਨ ਤੋਂ ਹੀ ਖੇਡਾਂ ਨਾਲ ਖਾਸ ਰੁਚੀ ਸੀ। ਉਸਨੇ ਛੇਵੀਂ ਜਮਾਤ ਤੋਂ ਰੋਇੰਗ ਦੀ ਸਿਖਲਾਈ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਰੋਪੜ ਸਥਿਤ ਰੋਇੰਗ ਅਕੈਡਮੀ ਲਈ ਚੁਣਿਆ ਗਿਆ। ਲਗਾਤਾਰ ਮਿਹਨਤ ਅਤੇ ਅਭਿਆਸ ਦੇ ਬਲ ’ਤੇ ਉਸਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਭਾਰਤ ਦੀ ਨੁਮਾਇੰਦਗੀ ਕੀਤੀ।

ਪਰਿਵਾਰ ਨੇ ਦੱਸਿਆ ਕਿ ਸਤਨਾਮ ਪਹਿਲਾਂ ਵੀ ਚੀਨ ਵਿੱਚ ਹੋਏ ਮੁਕਾਬਲਿਆਂ ਦੌਰਾਨ ਦੇਸ਼ ਦਾ ਨਾਮ ਰੌਸ਼ਨ ਕਰ ਚੁੱਕਾ ਹੈ। ਹੁਣ ਜਾਪਾਨ ਵਿੱਚ ਏਸ਼ੀਅਨ ਖੇਡਾਂ ਦੌਰਾਨ ਕਾਂਸੀ ਦਾ ਤਗਮਾ ਜਿੱਤ ਕੇ ਉਸਨੇ ਆਪਣੀ ਖੇਡ ਯਾਤਰਾ ਵਿੱਚ ਇੱਕ ਹੋਰ ਮਹੱਤਵਪੂਰਨ ਉਪਲਬਧੀ ਜੋੜ ਲਈ ਹੈ।

ਸਤਨਾਮ ਸਿੰਘ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਦੇ ਪੁੱਤਰ ਨੇ ਫੋਨ ਕਰਕੇ ਤੀਜਾ ਸਥਾਨ ਹਾਸਲ ਕਰਨ ਦੀ ਜਾਣਕਾਰੀ ਦਿੱਤੀ। ਇਹ ਖ਼ਬਰ ਮਿਲਦਿਆਂ ਹੀ ਪੂਰੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਆਪਣੇ ਪੁੱਤਰ ਦੀ ਇਸ ਪ੍ਰਾਪਤੀ ’ਤੇ ਬੇਹੱਦ ਮਾਣ ਹੈ।

ਅਮਰੀਕ ਸਿੰਘ ਨੇ ਇਹ ਵੀ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਰੋਇੰਗ ਸਮੇਤ ਖੇਡਾਂ ਲਈ ਲੋੜੀਂਦੀਆਂ ਸਿਖਲਾਈ ਸਹੂਲਤਾਂ ਦੀ ਕਮੀ ਹੈ। ਇਸ ਦੇ ਬਾਵਜੂਦ ਇਲਾਕੇ ਦੇ ਕਈ ਖਿਡਾਰੀ ਆਪਣੀ ਮਿਹਨਤ ਦੇ ਦਮ ’ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚੇ ਹਨ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਵੱਡਾ ਪੁੱਤਰ ਫੌਜ ਵਿੱਚ ਦੇਸ਼ ਦੀ ਸੇਵਾ ਕਰ ਰਿਹਾ ਹੈ, ਜਦਕਿ ਉਸ ਤੋਂ ਪ੍ਰੇਰਿਤ ਹੋ ਕੇ ਸਤਨਾਮ ਨੇ ਵੀ ਖੇਡਾਂ ਦਾ ਰੁਖ ਕੀਤਾ ਅਤੇ ਬਾਅਦ ਵਿੱਚ ਭਾਰਤੀ ਨੇਵੀ ਵਿੱਚ ਸ਼ਾਮਲ ਹੋ ਗਿਆ। ਉਨ੍ਹਾਂ ਆਪਣੇ ਦੋਵੇਂ ਪੁੱਤਰਾਂ ’ਤੇ ਮਾਣ ਪ੍ਰਗਟ ਕੀਤਾ।

ਪਰਿਵਾਰ ਨੇ ਕਿਹਾ ਕਿ ਸਤਨਾਮ ਦੀ ਇਸ ਅੰਤਰਰਾਸ਼ਟਰੀ ਪ੍ਰਾਪਤੀ ਦੇ ਬਾਵਜੂਦ ਹਾਲੇ ਤੱਕ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਜਾਂ ਸਰਕਾਰੀ ਨੁਮਾਇੰਦੇ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਕੇ ਵਧਾਈ ਨਹੀਂ ਦਿੱਤੀ ਗਈ। ਪਰਿਵਾਰ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਖਿਡਾਰੀ ਦੀ ਹੌਸਲਾ ਅਫਜ਼ਾਈ ਕੀਤੀ ਜਾਂਦੀ ਤਾਂ ਉਨ੍ਹਾਂ ਦੀ ਖੁਸ਼ੀ ਹੋਰ ਵਧ ਜਾਂਦੀ।

ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿੰਡਾਂ ਅਤੇ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਲਈ ਖੇਡਾਂ ਦੀਆਂ ਬਿਹਤਰ ਸਹੂਲਤਾਂ ਅਤੇ ਸਿਖਲਾਈ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਢੁਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਨਾਲ ਉਹ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਦੇਸ਼ ਅਤੇ ਪੰਜਾਬ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕਰ ਸਕਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.