IMG-LOGO
ਹੋਮ ਪੰਜਾਬ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਅਕਾਲ ਤਖ਼ਤ ਸਾਹਿਬ...

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨਾਲ ਹੀ ਪੰਥ ਮਜ਼ਬੂਤ ਹੋਵੇਗਾ: ਗਿਆਨੀ ਕੁਲਦੀਪ ਸਿੰਘ ਗੜਗੱਜ

Admin User - Sep 24, 2026 07:17 PM
IMG

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਆਪਣੇ ਤੀਜੇ ਪੜਾਅ ਤਹਿਤ ਬਾਬਾ ਬਕਾਲਾ ਸਾਹਿਬ ਤੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ, ਕੱਥੂਨੰਗਲ ਵੱਲ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਖ਼ਾਲਸਾ ਮਾਰਚ ਦਾ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ।

ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਅਤੇ ਹੋਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਮੌਜੂਦ ਸਨ। ਧਾਰਮਿਕ ਦੀਵਾਨ ਦੌਰਾਨ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗੁਰ-ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ ਗਿਆ।

ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਦੀਵੀ ਗੁਰੂ ਦਾ ਦਰਜਾ ਦਿੱਤੇ ਜਾਣ ਮਗਰੋਂ ਸਿੱਖ ਪੰਥ ਦੀ ਆਸਥਾ ਅਤੇ ਜੀਵਨ ਦੀ ਅਗਵਾਈ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਗੁਰਮਤਿ ਸਿਧਾਂਤਾਂ ਤੋਂ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਉਦੇਸ਼ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨਾਲ ਜੋੜਨਾ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਨੇ ਸਿੱਖ ਕੌਮ ਦੀਆਂ ਇਤਿਹਾਸਕ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਪ੍ਰਤੀ ਨਿਸ਼ਚਾ ਅਤੇ ਸਿਦਕ ਨੂੰ ਹਮੇਸ਼ਾ ਕਾਇਮ ਰੱਖਣਾ ਚਾਹੀਦਾ ਹੈ।

ਜਥੇਦਾਰ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਕੌਮ ਦੀ ਤਾਕਤ ਹਨ ਅਤੇ ਉਨ੍ਹਾਂ ਨੂੰ ਗੁਰਬਾਣੀ, ਸੇਵਾ, ਸੰਗਤ ਅਤੇ ਸਿੱਖੀ ਜੀਵਨ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਅਤੇ ਗੁਰਬਾਣੀ ਨਾਲ ਜੋੜਨ।

ਉਨ੍ਹਾਂ ਅੱਗੇ ਕਿਹਾ ਕਿ ਪੰਥਕ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਕਮਜ਼ੋਰ ਕਰਨ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਪੰਥਕ ਏਕਤਾ ਮਜ਼ਬੂਤ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਪ੍ਰਤੀ ਸਮਰਪਿਤ ਰਹਿਣ ਦਾ ਸੰਦੇਸ਼ ਦਿੱਤਾ।

ਖ਼ਾਲਸਾ ਮਾਰਚ ਦੌਰਾਨ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਮਾਰਚ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਲਗਾਏ ਗਏ। ਸਕੂਲੀ ਵਿਦਿਆਰਥੀਆਂ ਨੇ ਵੀ ਮਾਰਚ ਵਿੱਚ ਸ਼ਮੂਲੀਅਤ ਕੀਤੀ। ਗੁਰੂ ਸਾਹਿਬਾਨ ਦੇ ਸ਼ਸਤਰਾਂ ਦੇ ਦਰਸ਼ਨਾਂ ਲਈ ਵੀ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਵੇਖਣ ਨੂੰ ਮਿਲਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.