IMG-LOGO
ਹੋਮ ਪੰਜਾਬ: ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ...

ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

Admin User - Sep 24, 2026 08:41 PM
IMG

ਚੰਡੀਗੜ੍ਹ, 24 ਸਤੰਬਰ:

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕੀਤੀ ਗਈ ਛਾਪੇਮਾਰੀ ਦੀ ਸਖ਼ਤ ਨਿੰਦਾ ਕੀਤੀ ਅਤੇ ਜਿਸ ਤਰੀਕੇ ਨਾਲ ਏਜੰਸੀ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਵਿਖੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਤੀਜੇ ਦੇ ਘਰ ਤਲਾਸ਼ੀ ਲਈ, ਉਸ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਡਰ ਅਤੇ ਰਾਜਨੀਤਿਕ ਡਰਾਵੇ-ਧਮਕਾਉਣ ਦਾ ਮਾਹੌਲ ਬਣਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਬਹੁਤ ਹੀ ਚਿੰਤਾਜਨਕ ਹੈ ਅਤੇ ਦਾਅਵਾ ਕੀਤਾ ਕਿ ਪੰਜਾਬ ਅਜਿਹੀਆਂ ਕਾਰਵਾਈਆਂ ਅੱਗੇ ਝੁਕੇਗਾ ਨਹੀਂ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜਾਂਚ ਏਜੰਸੀਆਂ ਨੂੰ ਕਾਨੂੰਨ ਅਨੁਸਾਰ ਜਾਂਚ ਕਰਨ ਦਾ ਕਾਨੂੰਨੀ ਅਧਿਕਾਰ ਹੈ ਪਰ ਉਨ੍ਹਾਂ ਦੀਆਂ ਕਾਰਵਾਈਆਂ ਚੁਣੇ ਹੋਏ ਨੁਮਾਇੰਦਿਆਂ ਜਾਂ ਉਨ੍ਹਾਂ ਦੇ ਪਰਿਵਾਰਾਂ ’ਤੇ ਰਾਜਨੀਤਿਕ ਦਬਾਅ ਪਾਉਣ ਦਾ ਸਾਧਨ ਨਹੀਂ ਬਣਨੀਆਂ ਚਾਹੀਦੀਆਂ।

ਹਰਦੀਪ ਸਿੰਘ ਮੁੰਡੀਆਂ ਵੱਲੋਂ ਸਾਹਨੇਵਾਲ ਵਿਖੇ ਉਨ੍ਹਾਂ ਦੇ ਭਤੀਜੇ ਦੇ ਘਰ ਦੀ ਤਲਾਸ਼ੀ ਅਤੇ ਔਰਤਾਂ ਤੇ ਬੱਚਿਆਂ ਨੂੰ ਪ੍ਰੇਸ਼ਾਨ ਕਰਨ ਸਬੰਧੀ ਦੋਸ਼ਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਸ. ਮੁੰਡੀਆਂ ਦੇ ਪਰਿਵਾਰਕ ਮੈਂਬਰਾਂ ’ਤੇ ਦਬਾਅ ਪਾਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਜਿਸ ਨੂੰ ਕਿਸੇ ਵੀ ਤਰ੍ਹਾਂ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਰਾਜਨੀਤਿਕ ਮਸਲਿਆਂ ਵਿੱਚ ਘਸੀਟਣ ਦੀ ਕੋਸ਼ਿਸ਼ ਪੂਰੀ ਤਰ੍ਹਾਂ ਇਤਰਾਜ਼ਯੋਗ ਹੈ। ਉਨ੍ਹਾਂ ਕਿਹਾ ਕਿ ਸ. ਮੁੰਡੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਤੱਕ ਆਮ ਆਦਮੀ ਪਾਰਟੀ ਛੱਡਣ ਦਾ ਸੰਦੇਸ਼ ਪਹੁੰਚਾਉਣ ਲਈ ਕਹਿਣ ਦੇ ਦੋਸ਼, ਜਾਂਚ ਦੇ ਤਰੀਕੇ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਲੋਕਾਂ ਦਾ ਸਮਰਥਨ ਹਾਸਲ ਕਰਨ ਵਿੱਚ ਨਾਕਾਮ ਰਹਿਣ ਤੋਂ ਬਾਅਦ ਈ.ਡੀ. ਰਾਹੀਂ ਡਰ ਅਤੇ ਦਬਾਅ.  ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਲੋਕਤੰਤਰੀ ਭਾਵਨਾ ਪੂਰੀ ਮਜ਼ਬੂਤ ਹੈ ਅਤੇ ਉਹ ਹਮੇਸ਼ਾ ਤੋਂ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਵਿਰੁੱਧ ਡਟ ਕੇ ਖੜ੍ਹੇ ਰਹੇ ਹਨ।

ਉਨ੍ਹਾਂ ਕਿਹਾ, “ਪੰਜਾਬ ਨੂੰ ਈ.ਡੀ. ਦੇ ਛਾਪਿਆਂ ਜਾਂ ਧਮਕੀਆਂ ਰਾਹੀਂ ਡਰਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਨਿਡਰ ਲੋਕ ਹਨ ਅਤੇ ਪੰਜਾਬ ਦੇ ਚੁਣੇ ਹੋਏ ਨੁਮਾਇੰਦੇ ਅਜਿਹੀਆਂ ਦਬਾਅ ਬਣਾਉਣ ਦੀਆਂ ਚਾਲਾਂ ਅੱਗੇ ਝੁਕਣ ਵਾਲੇ ਨਹੀਂ।”

ਮੰਤਰੀ ਨੇ ਅੱਗੇ ਦੋਸ਼ ਲਾਇਆ ਕਿ ਈ.ਡੀ. ਦੀ ਕਾਰਵਾਈ ਦੇ ਸਮੇਂ ਅਤੇ ਤਰੀਕੇ ਨੇ ਗੰਭੀਰ ਰਾਜਨੀਤਿਕ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਗਮਾਡਾ ਅਤੇ ਹੋਰ ਥਾਵਾਂ ’ਤੇ ਈ.ਡੀ. ਦੀ ਤਲਾਸ਼ੀ ਦੇ ਨਾਲ-ਨਾਲ ਮੰਤਰੀ ਦੇ ਭਤੀਜੇ ਦੇ ਘਰ ਦੀ ਤਲਾਸ਼ੀ ਨੇ ਵਿਆਪਕ ਚਿੰਤਾ ਪੈਦਾ ਕੀਤੀ ਹੈ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਕਾਨੂੰਨੀ ਕਾਰਵਾਈਆਂ ਵਿੱਚ ਸਹਿਯੋਗ ਜਾਰੀ ਰੱਖੇਗੀ ਅਤੇ ਨਾਲ ਹੀ ਰਾਜਨੀਤਿਕ ਡਰਾਉਣ-ਧਮਕਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਛਾਪਿਆਂ ਜਾਂ ਧਮਕੀਆਂ ਤੋਂ ਨਹੀਂ ਡਰੇਗੀ ਅਤੇ ਆਮ ਨਾਗਰਿਕਾਂ ਦੇ ਹੱਕਾਂ ਅਤੇ ਮਾਣ-ਸਨਮਾਨ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਂਦੀ ਰਹੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਘਟਨਾਕ੍ਰਮ ਨੂੰ ਨੇੜਿਓਂ ਦੇਖ ਰਹੇ ਹਨ ਅਤੇ ਜਾਇਜ਼ ਜਾਂਚ ਅਤੇ ਰਾਜਨੀਤਿਕ ਦਬਾਅ ਵਿੱਚ ਫਰਕ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕਤੰਤਰੀ ਸੰਸਥਾਵਾਂ ਦੀ ਭਰੋਸੇਯੋਗਤਾ ਨਿਰਪੱਖਤਾ, ਪਾਰਦਰਸ਼ਤਾ ਅਤੇ ਕਾਨੂੰਨ ਦੀ ਪਾਲਣਾ ਤੋਂ ਆਉਂਦੀ ਹੈ ਅਤੇ ਕਿਸੇ ਵੀ ਏਜੰਸੀ ਨੂੰ ਆਪਣੇ ਕਾਨੂੰਨੀ ਅਧਿਕਾਰ ਖੇਤਰ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਾਸਨ ਅਤੇ ਲੋਕ ਭਲਾਈ ’ਤੇ ਧਿਆਨ ਕੇਂਦਰਿਤ ਰੱਖੇਗੀ ਅਤੇ ਆਪਣੀਆਂ ਸੰਵਿਧਾਨਕ  ਜ਼ਿੰਮੇਵਾਰੀਆਂ ਨਿਭਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣੀਆਂ ਕਠਪੁਤਲੀ ਏਜੰਸੀਆਂ ਰਾਹੀਂ ਡਰ ਪੈਦਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਆਪਣੀਆਂ ਨੀਤੀਆਂ, ਪ੍ਰਦਰਸ਼ਨ ਅਤੇ ਜਨਤਕ ਰਿਕਾਰਡ ਦੇ ਆਧਾਰ ’ਤੇ ਲੋਕਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ। “ਪੰਜਾਬ ਦੇ ਲੋਕਾਂ ਨੇ ਕਦੇ ਵੀ ਡਰਾਉਣ-ਧਮਕਾਉਣ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕੀਤਾ ਅਤੇ ਹੁਣ ਵੀ ਸਵੀਕਾਰ ਨਹੀਂ ਕਰਨਗੇ,”

ਉਹਨਾਂ ਕਿਹਾ ਕਿ ਈਡੀ ਵੱਲੋਂ ਪੰਜਾਬ ਰਾਜ ਦੇ ਅਧਿਕਾਰੀਆਂ ਨੂੰ ਗੈਰ ਕਾਨੂੰਨੀ ਤੌਰ ਤੇ ਹਿਰਾਸਤ ਵਿੱਚ ਰੱਖਣ ਅਤੇ ਉਹਨਾਂ ਉੱਤੇ ਦਬਾਅ ਪਾਉਣਾ ਵੀ ਲੋਕਤੰਤਰੀ ਕਦਰਾਂ ਕੀਮਤਾਂ ਦੇ ਉਲਟ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.