ਤਾਜਾ ਖਬਰਾਂ
ਫਾਜ਼ਿਲਕਾ ਪੁਲਿਸ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 270 ਗ੍ਰਾਮ ਹੈਰੋਇਨ, ਦੋ ਡਰੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਬਰਾਮਦ ਹੈਰੋਇਨ ਕਰੀਬ 10 ਦਿਨ ਪਹਿਲਾਂ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤ ਪਹੁੰਚੀ ਸੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਮੇਸ਼ ਸਿੰਘ ਉਰਫ਼ ਗੱਗੀ ਵਾਸੀ ਫੱਤੂ ਵਾਲਾ, ਲਵਪ੍ਰੀਤ ਸਿੰਘ ਉਰਫ਼ ਲਵਲੀ ਵਾਸੀ ਜੋਧਾ ਭੈਣੀ ਅਤੇ ਬਲਵਿੰਦਰ ਸਿੰਘ ਉਰਫ਼ ਨੀਤੀ ਵਾਸੀ ਢਾਣੀ ਮਾਘ ਸਿੰਘ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਬਰਾਮਦ ਦੋਵੇਂ ਡਰੋਨ ਵੀ ਪਾਕਿਸਤਾਨ ਤੋਂ ਆਏ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਲਾਲਾਬਾਦ ਸਦਰ ਥਾਣੇ ਵਿੱਚ ਮਾਮਲਾ ਨੰਬਰ 200 ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਏਅਰਕ੍ਰਾਫਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਹੈ।
ਪੁਲਿਸ ਰਿਕਾਰਡ ਮੁਤਾਬਕ ਲਵਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੈ, ਜਦਕਿ ਬਲਵਿੰਦਰ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਦੋ ਕੇਸ ਪਹਿਲਾਂ ਦਰਜ ਹੋ ਚੁੱਕੇ ਹਨ।
ਫਿਲਹਾਲ ਪੁਲਿਸ ਵੱਲੋਂ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਟੀਮ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਸਰਹੱਦ ਪਾਰੋਂ ਨਸ਼ੇ ਦੀ ਖੇਪ ਕੌਣ ਭੇਜ ਰਿਹਾ ਸੀ ਅਤੇ ਸਥਾਨਕ ਪੱਧਰ ’ਤੇ ਇਸ ਨੂੰ ਅੱਗੇ ਕਿਹੜੇ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ। ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਵੀ ਜਾਂਚ ਦਾ ਹਿੱਸਾ ਹੈ।
Get all latest content delivered to your email a few times a month.