IMG-LOGO
ਹੋਮ ਪੰਜਾਬ: ਪੰਥਕ ਮੁੱਦਿਆਂ ਤੇ ਸ਼ਾਂਤੀ ਲਈ ਇੱਕਜੁੱਟਤਾ ਦੀ ਲੋੜ: ਬੇਅਦਬੀ ਖ਼ਿਲਾਫ਼...

ਪੰਥਕ ਮੁੱਦਿਆਂ ਤੇ ਸ਼ਾਂਤੀ ਲਈ ਇੱਕਜੁੱਟਤਾ ਦੀ ਲੋੜ: ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਾਬਾ ਬਲਬੀਰ ਸਿੰਘ ਦਾ ਵੱਡਾ ਬਿਆਨ

Admin User - Sep 27, 2026 01:20 PM
IMG

ਪੰਜਾਬ ਵਿੱਚ ਵਧ ਰਹੇ ਧਾਰਮਿਕ-ਸਿਆਸੀ ਵਿਵਾਦਾਂ, ਬੇਅਦਬੀ ਦੀਆਂ ਵਾਰਦਾਤਾਂ, ਨਸ਼ਿਆਂ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ 'ਤੇ ਚਿੰਤਾ ਪ੍ਰਗਟਾਉਂਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸਭ ਨੂੰ ਆਪਸੀ ਵੈਰ-ਵਿਰੋਧ ਭੁਲਾ ਕੇ ਸਰਬੱਤ ਦੇ ਭਲੇ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਧਾਰਮਿਕ ਮਾਮਲਿਆਂ ਨੂੰ ਰਾਜਨੀਤਿਕ ਦੂਸ਼ਣਬਾਜ਼ੀ ਤੋਂ ਮੁਕਤ ਰੱਖਣਾ ਚਾਹੀਦਾ ਹੈ।


ਜਥੇਦਾਰ ਬਾਬਾ ਬਲਬੀਰ ਸਿੰਘ ਨੇ ਆਖਿਆ ਕਿ ਬੇਅਦਬੀ ਵਰਗੀਆਂ ਰੂਹ ਕੰਬਾਊ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਤੋਂ ਸਖ਼ਤ ਕਾਨੂੰਨੀ ਪ੍ਰਬੰਧ ਹੋਣੇ ਜ਼ਰੂਰੀ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬਣਾਈ ਗਈ 7 ਮੈਂਬਰੀ ਤਾਲਮੇਲ ਕਮੇਟੀ ਨੂੰ ਆਪਸੀ ਸਹਿਮਤੀ ਨਾਲ ਕਾਨੂੰਨ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਚੋਣਾਂ ਦੇ ਨੇੜੇ ਆਉਂਦਿਆਂ ਧਰਮ ਅਤੇ ਸਿਆਸਤ ਨੂੰ ਆਪਣੇ-ਆਪਣੇ ਦਾਇਰੇ ਵਿੱਚ ਰੱਖਣਾ ਚਾਹੀਦਾ ਹੈ, ਤਾਂ ਜੋ ਪੰਥਕ ਮਰਿਆਦਾ ਕਾਇਮ ਰਹੇ।


ਬੰਦੀ ਸਿੰਘਾਂ ਦੇ ਮੁੱਦੇ 'ਤੇ ਬੋਲਦਿਆਂ ਬੁੱਢਾ ਦਲ ਦੇ ਮੁਖੀ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਸਿੰਘਾਂ ਨੂੰ ਬਿਨਾਂ ਕਿਸੇ ਦੇਰੀ ਅਤੇ ਸ਼ਰਤ ਤੋਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਭਾਈ ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਖਿਆ ਕਿ ਦੇਸ਼ 'ਚ ਕਾਨੂੰਨ ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਿਆ ਜਾਵੇ।


ਸੂਬੇ 'ਚ ਵਧ ਰਹੇ ਅਪਰਾਧ, ਲੁੱਟਾਂ-ਖੋਹਾਂ ਅਤੇ ਨਸ਼ਿਆਂ 'ਤੇ ਗੰਭੀਰ ਚਿੰਤਾ ਜਾਹਰ ਕਰਦਿਆਂ ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਮੁਸਤੈਦੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ 'ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹਿੰਸਾ ਦਾ ਰਾਹ ਛੱਡ ਕੇ ਗੁਰਮਤਿ, ਪੜ੍ਹਾਈ ਅਤੇ ਚੰਗੀ ਸੰਗਤ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਗੁਰੂ ਰਾਮਦਾਸ ਪਾਤਸ਼ਾਹ ਅੱਗੇ ਪੰਜਾਬ 'ਚ ਅਮਨ, ਭਾਈਚਾਰੇ ਅਤੇ ਸ਼ਾਂਤੀ ਦੀ ਬਹਾਲੀ ਲਈ ਅਰਦਾਸ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.