ਈਡੀ ਦੇ ਸੇਵਾਮੁਕਤ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਆਪਣਾ ਸਿਆਸੀ ਸਬੰਧ ਖਤਮ ਕਰਨ ਦਾ ਐਲਾਨ ਕੀਤਾ ਹੈ। ਨਿਰੰਜਨ ਸਿੰਘ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਹ ਪਾਰਟੀ ਤੋਂ ਆਪਣੇ ਆਪ ਨੂੰ ਅਲੱਗ ਕਰ ਰਹੇ ਹਨ। ਉਹ 23 ਸਤੰਬਰ ਨੂੰ ਹੀ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਆਪਣੀ ਪੋਸਟ ਵਿੱਚ ਨਿਰੰਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ, ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਅਤੇ ਨਸ਼ਾ ਤਸਕਰੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਕਥਿਤ ਸ਼ਮੂਲੀਅਤ ਵਰਗੇ ਮੁੱਦਿਆਂ ’ਤੇ ਪਾਰਟੀ ਨੂੰ ਸਮਰਥਨ ਦਿੱਤਾ ਸੀ। ਹਾਲਾਂਕਿ, ਕੁਝ ਮੁੱਦਿਆਂ ’ਤੇ ਉਨ੍ਹਾਂ ਦੇ ਵਿਚਾਰ ਪਾਰਟੀ ਨਾਲ ਵੱਖਰੇ ਹਨ ਅਤੇ ਇਹ ਮਾਮਲੇ ਉਨ੍ਹਾਂ ਲਈ ਗੈਰ-ਸਮਝੌਤਾਯੋਗ ਹਨ। ਉਨ੍ਹਾਂ ਕਿਹਾ ਕਿ ਜਨਤਕ ਜੀਵਨ ਵਿੱਚ ਰਹਿਣ ਵਾਲੇ ਵਿਅਕਤੀਆਂ ਦਾ ਆਚਰਨ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੋਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਪਾਰਟੀ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਜ਼ਿਕਰਯੋਗ ਹੈ ਕਿ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਵੀ ਨਿਰੰਜਨ ਸਿੰਘ ਤੋਂ ਪਾਰਟੀ ਦੀ ਵਿਚਾਰਧਾਰਾ ਅਤੇ ਵੱਖਵਾਦ ਨਾਲ ਸਬੰਧਤ ਬਿਆਨਾਂ ਬਾਰੇ ਸਵਾਲ ਕੀਤਾ ਗਿਆ ਸੀ। ਉਸ ਸਮੇਂ ਉਨ੍ਹਾਂ ਸੰਵਿਧਾਨ ਦੇ ਦਾਇਰੇ ਵਿੱਚ ਰਹਿਣ ਦੀ ਗੱਲ ਕਹੀ ਸੀ। ਹੁਣ ਤਾਜ਼ਾ ਪੋਸਟ ਵਿੱਚ ਸੰਵਿਧਾਨਕ ਮਰਿਆਦਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਪਾਰਟੀ ਤੋਂ ਦੂਰੀ ਬਣਾਉਣ ਦਾ ਐਲਾਨ ਕੀਤਾ ਹੈ।
ਨਿਰੰਜਨ ਸਿੰਘ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਜਲੰਧਰ ਦਫ਼ਤਰ ਵਿੱਚ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਉਹ ਪੰਜਾਬ ਦੇ ਚਰਚਿਤ ਡਰੱਗ ਅਤੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਨਾਲ ਵੀ ਜੁੜੇ ਰਹੇ ਹਨ। ਸਰਕਾਰੀ ਸੇਵਾ ਤੋਂ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਨੇ ਹਾਲ ਹੀ ਵਿੱਚ ਸਰਗਰਮ ਸਿਆਸਤ ਵਿੱਚ ਕਦਮ ਰੱਖਿਆ ਸੀ, ਪਰ ਪਾਰਟੀ ਵਿੱਚ ਸ਼ਾਮਲ ਹੋਣ ਦੇ ਕੁਝ ਹੀ ਦਿਨਾਂ ਬਾਅਦ ਉਨ੍ਹਾਂ ਨੇ ਆਪਣਾ ਰਾਹ ਵੱਖ ਕਰ ਲਿਆ ਹੈ।
