ਤਾਜਾ ਖਬਰਾਂ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਿਰੋਜ਼ਪੁਰ ਵਿੱਚ ਚੋਣ ਕਮਿਸ਼ਨ ਅਤੇ ਭਾਜਪਾ ਖ਼ਿਲਾਫ਼ ਕਾਂਗਰਸ ਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਰੋਸ ਮਾਰਚ ਕੱਢਣ ਮਗਰੋਂ ਪੁਤਲੇ ਵੀ ਫੂਕੇ ਗਏ।
ਰਾਜਾ ਵੜਿੰਗ ਨੇ SIR ਪ੍ਰਕਿਰਿਆ ਨੂੰ ਲੈ ਕੇ ਕਾਂਗਰਸ ਦੇ ਇਤਰਾਜ਼ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਪੁਰਾਣੀ ਵੋਟਰ ਸੂਚੀ ਦੇ ਆਧਾਰ ’ਤੇ ਕਰਵਾਈਆਂ ਜਾਣ ਅਤੇ SIR ਦੀ ਪ੍ਰਕਿਰਿਆ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮੁੱਦੇ ’ਤੇ ਆਪਣਾ ਵਿਰੋਧ ਜਾਰੀ ਰੱਖੇਗੀ।
ਵੜਿੰਗ ਨੇ ਕਿਹਾ ਕਿ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਚੋਣ ਕਮਿਸ਼ਨ ਅਤੇ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਰਾਹੁਲ ਗਾਂਧੀ ਵੱਲੋਂ ਵੋਟਾਂ ਦੀ ਕਥਿਤ ਚੋਰੀ ਸਬੰਧੀ ਲਗਾਏ ਜਾਂਦੇ ਦੋਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਮਾਮਲੇ ’ਤੇ ਕਾਂਗਰਸ ਲਗਾਤਾਰ ਸਵਾਲ ਉਠਾ ਰਹੀ ਹੈ।
LPU ਨਾਲ ਜੁੜੇ ਹਾਲੀਆ ਮਾਮਲੇ ਬਾਰੇ ਵੜਿੰਗ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਵੀ ਸਵਾਲ ਕੀਤੇ। ਉਨ੍ਹਾਂ ਕਿਹਾ ਕਿ ਸਾਹਮਣੇ ਆਈਆਂ ਵੀਡੀਓਜ਼ ਵਿੱਚ ਬਾਹਰੋਂ ਨੌਜਵਾਨਾਂ ਦੇ ਆਉਣ ਸਬੰਧੀ ਗੱਲਾਂ ਕੀਤੀਆਂ ਜਾ ਰਹੀਆਂ ਹਨ, ਜਿਸ ਬਾਰੇ ਸਪੱਸ਼ਟੀਕਰਨ ਦਿੱਤਾ ਜਾਣਾ ਚਾਹੀਦਾ ਹੈ।
ਨਸ਼ਿਆਂ ਦੇ ਮੁੱਦੇ ’ਤੇ ਰਾਜਾ ਵੜਿੰਗ ਨੇ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਹੱਦੀ ਸਥਿਤੀ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ, ਸੁਰੱਖਿਆ ਬਲਾਂ ਅਤੇ ਨਾਰਕੋਟਿਕਸ ਨਾਲ ਸਬੰਧਤ ਏਜੰਸੀਆਂ ਦੀ ਭੂਮਿਕਾ ਵੀ ਚਰਚਾ ਦਾ ਵਿਸ਼ਾ ਹੈ। ਵੜਿੰਗ ਨੇ ਦੋਸ਼ ਲਾਇਆ ਕਿ ਚੋਣਾਂ ਨੇੜੇ ਆਉਣ ਕਾਰਨ ਨਸ਼ਿਆਂ ਦੇ ਮੁੱਦੇ ਨੂੰ ਸਿਆਸੀ ਤੌਰ ’ਤੇ ਵਰਤਿਆ ਜਾ ਰਿਹਾ ਹੈ।
Get all latest content delivered to your email a few times a month.