ਤਾਜਾ ਖਬਰਾਂ
ਤਰਨਤਾਰਨ ਦੇ ਪੱਟੀ ਕਸਬੇ ਦੇ ਮੁੱਖ ਬਾਜ਼ਾਰ ਵਿੱਚ ਦੇਰ ਰਾਤ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਮਸ਼ਹੂਰ ਮਿਠਾਈ ਦੀ ਦੁਕਾਨ ‘ਸ਼ਾਂਤੀ ਦੀ ਹੱਟੀ’ ਦੇ ਬੰਦ ਸ਼ਟਰ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾ ਦਿੱਤੀਆਂ। ਇਸੇ ਦੁਕਾਨ ਨੂੰ ਪਹਿਲਾਂ ਵੀ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ, ਜਿਸ ਕਾਰਨ ਇਲਾਕੇ ਦੇ ਦੁਕਾਨਦਾਰਾਂ ਵਿੱਚ ਚਿੰਤਾ ਵਧ ਗਈ ਹੈ।
ਜਾਣਕਾਰੀ ਮੁਤਾਬਕ ਵਾਰਦਾਤ ਰਾਤ ਕਰੀਬ 11 ਵਜੇ ਵਾਪਰੀ। ਬਾਈਕ ‘ਤੇ ਆਏ ਹਮਲਾਵਰਾਂ ਨੇ ਦੁਕਾਨ ਦੇ ਸ਼ਟਰ ‘ਤੇ ਲਗਾਤਾਰ ਚਾਰ ਫ਼ਾਇਰ ਕੀਤੇ ਅਤੇ ਫ਼ੌਰਨ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀਆਂ ਦੀ ਆਵਾਜ਼ ਨਾਲ ਆਸ-ਪਾਸ ਦੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਘਟਨਾ ਸਮੇਂ ਦੁਕਾਨ ਬੰਦ ਹੋਣ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਪੱਟੀ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਦੇ ਆਉਣ-ਜਾਣ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕੇ। ਮੌਕੇ ਤੋਂ ਗੋਲੀਆਂ ਦੇ ਖ਼ਾਲੀ ਖੋਲ ਵੀ ਮਿਲਣ ਦੀ ਜਾਣਕਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ 11 ਸਤੰਬਰ 2026 ਨੂੰ ਵੀ ਇਸੇ ਦੁਕਾਨ ‘ਤੇ ਫ਼ਾਇਰਿੰਗ ਹੋਈ ਸੀ। ਉਸ ਘਟਨਾ ਵਿੱਚ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ। ਹੁਣ ਮੁੜ ਉਸੇ ਦੁਕਾਨ ਨੂੰ ਨਿਸ਼ਾਨਾ ਬਣਾਏ ਜਾਣ ਨਾਲ ਪੱਟੀ ਦੇ ਵਪਾਰੀਆਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ।
ਥਾਣਾ ਸਿਟੀ ਪੱਟੀ ਦੇ ਮੁਖੀ ਵਿਪਿਨ ਕੁਮਾਰ ਮੁਤਾਬਕ ਦੁਕਾਨਦਾਰ ਨੇ ਡਰ ਕਾਰਨ ਹਾਲੇ ਰਸਮੀ ਬਿਆਨ ਦਰਜ ਨਹੀਂ ਕਰਵਾਇਆ, ਪਰ ਪੁਲਿਸ ਨੇ ਆਪਣੇ ਪੱਧਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ CCTV ਫੁਟੇਜ ਸਮੇਤ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.