IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਅਮਰੀਕੀ ਸਫ਼ੀਰ ਸਰਜੀਓ ਗੋਰ 28 ਮੈਂਬਰੀ ਵਫ਼ਦ ਨਾਲ ਸ੍ਰੀ ਹਰਿਮੰਦਰ...

ਅਮਰੀਕੀ ਸਫ਼ੀਰ ਸਰਜੀਓ ਗੋਰ 28 ਮੈਂਬਰੀ ਵਫ਼ਦ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ, SGPC ਨੇ ਕੀਤਾ ਸਨਮਾਨ

Admin User - Sep 28, 2026 07:32 PM
IMG

ਅਮਰੀਕਾ ਦੇ ਸਫ਼ੀਰ ਸਰਜੀਓ ਗੋਰ 28 ਮੈਂਬਰੀ ਵਫ਼ਦ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਧਾਰਮਿਕ ਸਾਹਿਤ ਅਤੇ ਲੋਈ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਵਫ਼ਦ ਦਾ ਸਵਾਗਤ ਕਰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਕ ਪ੍ਰੇਰਣਾ ਦਾ ਕੇਂਦਰ ਹੈ, ਜਿੱਥੇ ਹਰ ਧਰਮ ਅਤੇ ਵਰਗ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਪਹੁੰਚਦੇ ਹਨ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਵਿੱਚ ਦਰਜ ਬਰਾਬਰੀ, ਸੇਵਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਦਾ ਜ਼ਿਕਰ ਕੀਤਾ।

ਧਾਮੀ ਨੇ ਅਮਰੀਕਾ ਵਿੱਚ ‘ਸਿੰਘ’ ਸ਼ਬਦ ਦੀ ਵਰਤੋਂ ਵਾਲੇ ਪੋਸਟਰ ਦੇ ਮਾਮਲੇ ’ਤੇ ਵੀ ਵਫ਼ਦ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼ ਜਤਾਏ ਜਾਣ ਤੋਂ ਬਾਅਦ ਸਬੰਧਤ ਪੋਸਟ ਹਟਾ ਦਿੱਤੀ ਗਈ ਸੀ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਨਾ ਬਣੇ, ਇਸ ਲਈ ਢੁਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ ਗਈ। ਉਨ੍ਹਾਂ ਅਮਰੀਕਾ ਵਿੱਚ ਵੱਸਦੇ ਪੰਜਾਬੀਆਂ ਅਤੇ ਸਿੱਖਾਂ ਦੇ ਯੋਗਦਾਨ ਦਾ ਵੀ ਜ਼ਿਕਰ ਕੀਤਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆ ਭਰ ਤੋਂ ਸ਼ਰਧਾਲੂ ਪਹੁੰਚਦੇ ਹਨ ਅਤੇ ਗੁਰੂ ਘਰ ਦੀ ਪਰੰਪਰਾ ਅਨੁਸਾਰ ਹਰ ਕਿਸੇ ਦਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅਮਰੀਕੀ ਵਫ਼ਦ ਨਾਲ ਅਮਰੀਕਾ ਵਿੱਚ ਵੱਸਦੇ ਸਿੱਖਾਂ ਨਾਲ ਸਬੰਧਤ ਮਾਮਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ।

ਇਸ ਦੌਰਾਨ ਸਰਜੀਓ ਗੋਰ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ, ਗੁਰਬਾਣੀ ਕੀਰਤਨ ਅਤੇ ਸੇਵਾ ਦੀ ਪਰੰਪਰਾ ਬਾਰੇ ਜਾਣਕਾਰੀ ਹਾਸਲ ਕੀਤੀ। ਵਿਜ਼ਟਰ ਬੁੱਕ ਵਿੱਚ ਆਪਣੀਆਂ ਭਾਵਨਾਵਾਂ ਦਰਜ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਵਿਸ਼ੇਸ਼ ਸਥਾਨ ’ਤੇ ਮੁੜ ਆ ਕੇ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਉਹ ਕਰੀਬ 15 ਸਾਲ ਪਹਿਲਾਂ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.