ਤਾਜਾ ਖਬਰਾਂ
ਚੰਡੀਗੜ੍ਹ, 28 ਸਤੰਬਰ 2026:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਪੀਕਰ ਨੇ ਕਿਹਾ ਕਿ ਭਾਰਤ ਨੂੰ ਜ਼ਾਲਮ ਬਰਤਾਨਵੀ ਬਸਤੀਵਾਦੀ ਸ਼ਾਸਨ ਦੀਆਂ ਬੇੜੀਆਂ ਤੋਂ ਆਜ਼ਾਦ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਮਨੁੱਖੀ ਇਤਿਹਾਸ ਵਿੱਚ ਲਾਸਾਨੀ ਹੈ।
ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਸਪੀਕਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਦੂਰਅੰਦੇਸ਼ੀ ਸੋਚ ਅਤੇ ਦੇਸ਼-ਭਗਤੀ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਚਾਨਣ-ਮੁਨਾਰੇ ਦਾ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਕੌਮੀ ਨਾਇਕ ਨੂੰ ਸੱਚੀ ਸ਼ਰਧਾਂਜਲੀ ਸਮਾਜਿਕ ਨਿਆਂ, ਬਰਾਬਰੀ ਅਤੇ ਦੇਸ਼ ਦੀ ਸਰਬਪੱਖੀ ਵਿਕਾਸ ਲਈ ਨਿਰਸਵਾਰਥ ਸੇਵਾ ਵਰਗੇ ਉਨ੍ਹਾਂ ਦੇ ਮੂਲ ਆਦਰਸ਼ਾਂ ਨੂੰ ਅਪਣਾਉਣਾ ਕੇ ਹੀ ਦਿੱਤੀ ਜਾ ਸਕਦੀ ਹੈ।
ਇਸ ਮਹਾਨ ਸ਼ਹੀਦ ਦੀ ਅਗਵਾਈ ਵਿੱਚ ਲੜੇ ਗਏ ਆਜ਼ਾਦੀ ਦੇ ਇਤਿਹਾਸਕ ਸੰਘਰਸ਼ ਨੂੰ ਯਾਦ ਕਰਦਿਆਂ, ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ "ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਸਿਰਫ਼ ਵਿਦੇਸ਼ੀ ਸ਼ਾਸਨ ਤੋਂ ਆਜ਼ਾਦੀ ਲਈ ਹੀ ਸੰਘਰਸ਼ ਨਹੀਂ ਕੀਤਾ, ਸਗੋਂ ਉਨ੍ਹਾਂ ਨੇ ਸ਼ੋਸ਼ਣ ਅਤੇ ਜ਼ੁਲਮ ਤੋਂ ਮੁਕਤ ਇੱਕ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ। ਫਾਂਸੀ ਦੇ ਤਖ਼ਤੇ ਸਾਹਮਣੇ ਉਨ੍ਹਾਂ ਦੀ ਨਿਡਰਤਾ ਨੇ ਬਰਤਾਨਵੀ ਸਾਮਰਾਜ ਦੀਆਂ ਨੀਹਾਂ ਹਿਲਾ ਦਿੱਤੀਆਂ ਅਤੇ ਸਮੁੱਚੇ ਦੇਸ਼ ਵਿੱਚ ਆਜ਼ਾਦੀ ਦੀ ਅਜਿਹੀ ਜੋਤ ਜਗਾਈ ਜੋ ਕਦੇ ਨਹੀਂ ਬੁਝ ਸਕੀ। ਉਨ੍ਹਾਂ ਵੱਲੋਂ ਦਿਖਾਏ ਗਏ ਰਾਹ 'ਤੇ ਚੱਲਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ।"
Get all latest content delivered to your email a few times a month.