ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਾਪਰੀ ਹਿੰਸਾ ਅਤੇ ਅਗਜ਼ਨੀ ਨੂੰ ਲੈ ਕੇ ਆਮ ਆਦਮੀ ਪਾਰਟੀ ’ਤੇ ਗੰਭੀਰ ਦੋਸ਼ ਲਗਾਏ ਹਨ। ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੀ ਪੰਜਾਬ ਬਚਾਓ ਮੁਹਿੰਮ ਤਹਿਤ ਕੀਤੀ ਰੈਲੀ ਦੌਰਾਨ ਬਾਦਲ ਨੇ ਦਾਅਵਾ ਕੀਤਾ ਕਿ ਜੇਕਰ ਘਟਨਾ ਦੀ ਨਿਰਪੱਖ ਜਾਂਚ ਹੋਵੇ ਤਾਂ ਇਸ ਪਿੱਛੇ ਦੀ ਸਾਰੀ ਸੱਚਾਈ ਸਾਹਮਣੇ ਆ ਸਕਦੀ ਹੈ।
ਬਾਦਲ ਨੇ ਦੋਸ਼ ਲਾਇਆ ਕਿ LPU ਦੇ ਚਾਂਸਲਰ ਅਤੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਵੱਲੋਂ ਦਿੱਲੀ ਵਿੱਚ ਸਰਕਾਰੀ ਬੰਗਲੇ ਸਬੰਧੀ ਲਏ ਗਏ ਫੈਸਲੇ ਤੋਂ ਬਾਅਦ ਉਨ੍ਹਾਂ ਨੂੰ ਕਥਿਤ ਤੌਰ ’ਤੇ ਸਬਕ ਸਿਖਾਉਣ ਲਈ ਇਹ ਘਟਨਾ ਵਾਪਰੀ। ਉਨ੍ਹਾਂ ਕਿਹਾ ਕਿ ਇਸ ਨਾਲ ਯੂਨੀਵਰਸਿਟੀ ਦੀ ਸਾਖ ਨੂੰ ਨੁਕਸਾਨ ਪਹੁੰਚਿਆ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਵੀ ਸਵਾਲ ਖੜ੍ਹੇ ਹੋਏ ਹਨ।
ਅਕਾਲੀ ਦਲ ਪ੍ਰਧਾਨ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਲਾਠੀਚਾਰਜ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਕੋਈ ਕਾਰਵਾਈ ਨਾ ਕਰਨ ਜੋ ਉਨ੍ਹਾਂ ਦੀ ਜ਼ਮੀਰ ਦੇ ਵਿਰੁੱਧ ਹੋਵੇ।
ਇਸ ਦੌਰਾਨ ਬਾਦਲ ਨੇ ਪੰਜਾਬ ਦੇ ਸਰੋਤਾਂ ਅਤੇ ਸਰਕਾਰੀ ਸੰਪਤੀਆਂ ’ਤੇ ਬਾਹਰਲੇ ਲੋਕਾਂ ਦੇ ਕਥਿਤ ਕਬਜ਼ਿਆਂ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਜਿਹੇ ਮਾਮਲਿਆਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਸਰਕਾਰੀ ਬਕਾਏ ਵਸੂਲਣ ਸਮੇਤ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਰਾਜਾਸਾਂਸੀ ਹਲਕੇ ਤੋਂ ਵੀਰ ਸਿੰਘ ਲੋਪੋਕੇ ਨੂੰ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਐਲਾਨਦਿਆਂ ਬਾਦਲ ਨੇ ਵਾਰਿਸ ਪੰਜਾਬ ਦੇ ਅਤੇ ਇਸ ਦੇ ਆਗੂਆਂ ਬਾਰੇ ਵੀ ਸਿਆਸੀ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸੰਸਥਾ ਨੂੰ ਪੰਥਕ ਵੋਟਾਂ ਵੰਡਣ ਲਈ ਵਰਤਿਆ ਜਾ ਰਿਹਾ ਹੈ ਅਤੇ ਇਸ ਨੂੰ ਸਰਕਾਰ ਵੱਲੋਂ ਕਥਿਤ ਤੌਰ ’ਤੇ ਸਹਾਇਤਾ ਮਿਲ ਰਹੀ ਹੈ।
ਰੈਲੀ ਦੌਰਾਨ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਬਣਨ ਦੀ ਸੂਰਤ ਵਿੱਚ ਕਿਸਾਨਾਂ ਲਈ ਫਸਲ ਬੀਮਾ ਯੋਜਨਾ ਲਾਗੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਜਾਂ ਫਸਲਾਂ ਦੇ ਨੁਕਸਾਨ ਦੀ ਸਥਿਤੀ ਵਿੱਚ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਸਰਹੱਦੀ ਖੇਤਰਾਂ ਵਿੱਚ ਲੰਮੇ ਸਮੇਂ ਤੋਂ ਜ਼ਮੀਨਾਂ ’ਤੇ ਖੇਤੀ ਕਰ ਰਹੇ ਕਿਸਾਨਾਂ ਨੂੰ ਮਾਲਕੀ ਹੱਕ ਦੇਣ, ਖਾਲੀ ਪਈਆਂ ਸਰਕਾਰੀ ਅਸਾਮੀਆਂ ਭਰਨ ਅਤੇ ਸਰਕਾਰੀ ਨੌਕਰੀਆਂ ਵਿੱਚ ਪੰਜਾਬੀਆਂ ਨੂੰ ਤਰਜੀਹ ਦੇਣ ਸਬੰਧੀ ਵੀ ਕਈ ਐਲਾਨ ਕੀਤੇ। ਉਦਯੋਗਾਂ ਵਿੱਚ ਵੀ 75 ਫੀਸਦੀ ਨੌਕਰੀਆਂ ਪੰਜਾਬੀਆਂ ਲਈ ਲਾਜ਼ਮੀ ਕਰਨ ਦੀ ਗੱਲ ਉਨ੍ਹਾਂ ਵੱਲੋਂ ਕਹੀ ਗਈ।
ਰੈਲੀ ਨੂੰ ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਰਣਬੀਰ ਸਿੰਘ ਰਾਣਾ ਲੋਪੋਕੇ, ਰਾਜਾ ਲਾਦੇਹ, ਸੁਰਜੀਤ ਸਿੰਘ ਪਹਿਲਵਾਨ ਅਤੇ ਗੌਰਵਦੀਪ ਸਿੰਘ ਵਲਟੋਹਾ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
Get all latest content delivered to your email a few times a month.