IMG-LOGO
ਹੋਮ ਪੰਜਾਬ: ਸੰਗਰੂਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਖ਼ੌਫ਼ਨਾਕ ਵਾਰਦਾਤ: 4 ਅਣਪਛਾਤੇ...

ਸੰਗਰੂਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਖ਼ੌਫ਼ਨਾਕ ਵਾਰਦਾਤ: 4 ਅਣਪਛਾਤੇ ਬਦਮਾਸ਼ਾਂ ਨੇ ਸੇਵਾਦਾਰ 'ਤੇ ਚਲਾਈਆਂ ਗੋਲੀਆਂ, ਹਾਲਤ ਗੰਭੀਰ

Admin User - Sep 29, 2026 02:39 PM
IMG

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਅਧੀਨ ਪੈਂਦੇ ਥਾਣਾ ਦਿੜਬਾ ਦੇ ਪਿੰਡ ਬੜਰੁੱਖਾਂ ਵਿੱਚ ਸਥਿਤ ਇੱਕ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਦੇਰ ਰਾਤ ਸਨਸਨੀਖੇਜ਼ ਵਾਰਦਾਤ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਪਰਿਸਰ ਵਿੱਚ ਅਚਾਨਕ ਦਾਖਲ ਹੋਏ 4 ਅਣਪਛਾਤੇ ਬਦਮਾਸ਼ਾਂ ਨੇ ਇੱਕ ਸੇਵਾਦਾਰ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।


ਮਿਲੀ ਜਾਣਕਾਰੀ ਮੁਤਾਬਕ ਘਟਨਾ ਸਮੇਂ ਗੁਰਦੁਆਰਾ ਸਾਹਿਬ ਦੇ ਰਿਹਾਇਸ਼ੀ ਹਿੱਸੇ ਵਿੱਚ ਸੇਵਾਦਾਰ ਅਜਾਇਬ ਸਿੰਘ ਸੁੱਤੇ ਹੋਏ ਸਨ। ਇਸੇ ਦੌਰਾਨ ਇੱਕ ਸ਼ੱਕੀ ਵਿਅਕਤੀ ਮੁੱਖ ਗੇਟ ਤੋਂ ਅਤੇ ਉਸ ਦੇ 3 ਹੋਰ ਸਾਥੀ ਕੰਧ ਟੱਪ ਕੇ ਅੰਦਰ ਦਾਖਲ ਹੋ ਗਏ। ਹਮਲਾਵਰਾਂ ਨੇ ਅਜਾਇਬ ਸਿੰਘ ਨੂੰ ਜ਼ਬਰਦਸਤੀ ਬੰਧਕ ਬਣਾਉਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਉਨ੍ਹਾਂ ਨੇ ਰੌਲਾ ਪਾਇਆ ਤਾਂ ਨੇੜੇ ਹੀ ਮੌਜੂਦ ਦੂਜੇ ਸੇਵਾਦਾਰ ਜਸਵੰਤ ਸਿੰਘ ਤੁਰੰਤ ਮੌਕੇ 'ਤੇ ਪਹੁੰਚ ਗਏ। ਆਪਣੇ ਆਪ ਨੂੰ ਘਿਰਦਾ ਦੇਖ ਹਮਲਾਵਰਾਂ ਨੇ ਜਸਵੰਤ ਸਿੰਘ 'ਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ।


ਗੋਲੀਬਾਰੀ ਦੀ ਆਵਾਜ਼ ਸੁਣ ਕੇ ਪੁੱਜੇ ਪਿੰਡ ਵਾਸੀਆਂ ਨੇ ਗੰਭੀਰ ਰੂਪ ਵਿੱਚ ਜ਼ਖਮੀ ਜਸਵੰਤ ਸਿੰਘ ਨੂੰ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੋਂ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ। ਘਟਨਾ ਦੀ ਪੂਰੀ ਤਸਵੀਰ ਕੈਮਰੇ 'ਚ ਕੈਦ ਹੋ ਗਈ ਹੈ, ਜਿਸ ਵਿੱਚ ਹਮਲਾਵਰਾਂ ਦੀ ਕਰਤੂਤ ਸਾਫ਼ ਨਜ਼ਰ ਆ ਰਹੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਕਬਜ਼ੇ 'ਚ ਲੈ ਲਈ ਹੈ ਅਤੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਇਰਾਦਾ-ਏ-ਕਤਲ (Attempt to Murder) ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਹਮਲੇ ਦੇ ਮੁੱਖ ਮਕਸਦ ਦਾ ਪਤਾ ਲਗਾਇਆ ਜਾ ਰਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.