ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨਾਲ ਜੁੜੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪਣ, ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਿਰਦੇਸ਼ ਦੇਣ ਅਤੇ ਗੁਰਦੁਆਰਾ ਪ੍ਰਬੰਧ ਲਈ ਵੱਖਰਾ ਪੰਜਾਬ ਐਕਟ ਬਣਾਉਣ ਦੀਆਂ ਮੰਗਾਂ ਸਮੇਤ ਕਈ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਤੋਂ ਬਾਅਦ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਵਿਚ ਦਰਜ ਕੇਸ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਨਾਲ ਜੁੜੇ ਤੱਥਾਂ ਨੂੰ ਸੋਸ਼ਲ ਮੀਡੀਆ ਟਰਾਇਲ ਦਾ ਹਿੱਸਾ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਅਨੁਸਾਰ ਕੁਝ ਧਿਰਾਂ ਨੂੰ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ’ਤੇ ਇਤਰਾਜ਼ ਹੈ, ਜਦਕਿ ਪੰਜਾਬ ਪੁਲਿਸ ਦੀ ਜਾਂਚ ’ਤੇ ਵੀ ਲੋਕਾਂ ਦਾ ਪੂਰਾ ਭਰੋਸਾ ਨਹੀਂ ਹੈ। ਇਸ ਲਈ ਅੰਤ੍ਰਿੰਗ ਕਮੇਟੀ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ ਜਾਂਚ CBI ਹਵਾਲੇ ਕਰਨ ਦੀ ਮੰਗ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਤਿੰਨ ਦਿਨਾਂ ਅੰਦਰ ਜਾਂਚ CBI ਨੂੰ ਨਹੀਂ ਸੌਂਪਦੀ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਇਹ ਮੰਗ ਰੱਖੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਪ੍ਰਬੰਧਕੀ ਪੱਧਰ ’ਤੇ ਆਪਣੀ ਜਾਂਚ ਜਾਰੀ ਰੱਖੇਗੀ।
ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਬਾਰੇ ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਪਾਈ ਪਟੀਸ਼ਨ ਵਾਪਸ ਲੈਣ ਸਬੰਧੀ ਪ੍ਰਗਟ ਕੀਤੀ ਭਾਵਨਾ ’ਤੇ ਅੰਤ੍ਰਿੰਗ ਕਮੇਟੀ ਨੇ ਵਿਚਾਰ ਕੀਤਾ। ਧਾਮੀ ਨੇ ਕਿਹਾ ਕਿ ਪਟੀਸ਼ਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਦਾਇਰ ਕੀਤੀ ਗਈ ਸੀ, ਇਸ ਲਈ ਜਥੇਦਾਰ ਨੂੰ ਗੁਰਮਤਿ ਅਤੇ ਸਿੱਖ ਇਤਿਹਾਸ ਦੀ ਰੌਸ਼ਨੀ ਵਿਚ ਅਗਲਾ ਆਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ।
ਇਸ ਤੋਂ ਇਲਾਵਾ ਐਡਵੋਕੇਟ ਧਾਮੀ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨਾਲ ਮੁਲਾਕਾਤ ਲਈ ਤੁਰੰਤ ਪੈਰੋਲ ਦੇਣ ਦੀ ਮੰਗ ਕੀਤੀ ਅਤੇ 2 ਅਕਤੂਬਰ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਕੱਢੇ ਜਾ ਰਹੇ ਖ਼ਾਲਸਾ ਮਾਰਚ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਮਾਇਤ ਦੇਣ ਦਾ ਐਲਾਨ ਕੀਤਾ।
ਸ਼੍ਰੋਮਣੀ ਕਮੇਟੀ ਚੋਣਾਂ ਲਈ ਵੱਖਰਾ ਪੰਜਾਬ ਐਕਟ ਬਣਾਉਣ ਦੀਆਂ ਮੰਗਾਂ ’ਤੇ ਇਤਰਾਜ਼ ਜਤਾਉਂਦਿਆਂ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਲੰਬੇ ਸੰਘਰਸ਼ ਅਤੇ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸੰਸਥਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਹੋ ਰਹੀ ਦੇਰੀ ਦਾ ਮਾਮਲਾ ਸਰਕਾਰ ਨਾਲ ਸਬੰਧਤ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ ਸਿਰ ਚੋਣਾਂ ਕਰਵਾਉਣ ਦੀ ਮੰਗ ਪਹਿਲਾਂ ਵੀ ਕੀਤੀ ਜਾਂਦੀ ਰਹੀ ਹੈ।
ਮੀਰੀ ਪੀਰੀ ਖਾਲਸਾ ਮਾਰਚ ਵਿਚ ਸਹਿਯੋਗ ਅਤੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੀਆਂ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੰਗਤਾਂ ਦਾ ਵੀ ਧਾਮੀ ਨੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਨੌਜੁਆਨਾਂ ਨਾਲ ਸਿੱਧੇ ਸੰਵਾਦ ਰਾਹੀਂ ਪੰਜਾਬ ਨੂੰ ਦਰਪੇਸ਼ ਕਈ ਚੁਣੌਤੀਆਂ ਸਾਹਮਣੇ ਆਈਆਂ। ਖਾਸ ਤੌਰ ’ਤੇ ਨਸ਼ਿਆਂ ਦੇ ਵਧਦੇ ਪ੍ਰਭਾਵ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਕਈ ਨੌਜੁਆਨਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਾਬਤ ਸੂਰਤ ਰਹਿਣ ਦਾ ਪ੍ਰਣ ਵੀ ਲਿਆ ਹੈ।
ਮੀਟਿੰਗ ਦੌਰਾਨ ਸੈਕਸ਼ਨ 85, ਸੈਕਸ਼ਨ 87, ਟਰੱਸਟ ਅਤੇ ਵਿਦਿਆ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਕੰਮਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
Get all latest content delivered to your email a few times a month.