IMG-LOGO
ਹੋਮ ਪੰਜਾਬ: ਬੇਅਦਬੀ ਰੋਕੂ ਕਾਨੂੰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ...

ਬੇਅਦਬੀ ਰੋਕੂ ਕਾਨੂੰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁਖ, ਸਹਿਮਤੀ ਬਣਨ ਤੱਕ ਕਾਨੂੰਨ ਮੁਅੱਤਲ ਕਰਨ ਲਈ ਸਰਕਾਰ ਨੂੰ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ

Admin User - Oct 01, 2026 06:54 PM
IMG

ਸ੍ਰੀ ਅਕਾਲ ਤਖ਼ਤ ਸਾਹਿਬ ਨੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੀਤੀ ਕਾਰਵਾਈ ’ਤੇ ਖੇਦ ਜ਼ਾਹਰ ਕਰਦਿਆਂ ਕਿਹਾ ਹੈ ਕਿ ਜਦੋਂ ਤੱਕ ਇਸ ਮਾਮਲੇ ’ਤੇ ਆਪਸੀ ਸਹਿਮਤੀ ਨਹੀਂ ਬਣ ਜਾਂਦੀ, ਉਦੋਂ ਤੱਕ ਕਾਨੂੰਨ ਨੂੰ ਮੁਅੱਤਲ ਰੱਖਣ ਸਬੰਧੀ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਣਾ ਚਾਹੀਦਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 31 ਜੁਲਾਈ 2026 ਨੂੰ ਕਾਨੂੰਨ ਵਿੱਚ ਸਿੱਖ ਭਾਵਨਾਵਾਂ ਅਨੁਸਾਰ ਹੋਰ ਸੋਧਾਂ ਲਈ ਪੰਜਾਬ ਸਰਕਾਰ ਨੂੰ ਦਿੱਤੀ ਗਈ ਮਿਆਦ 30 ਸਤੰਬਰ ਨੂੰ ਸਮਾਪਤ ਹੋ ਗਈ। ਇਸ ਤੋਂ ਬਾਅਦ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਭੇਜਦਿਆਂ ਦੱਸਿਆ ਕਿ ਸਰਕਾਰ ਨੇ 16 ਸਤੰਬਰ ਨੂੰ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਸਰਕਾਰ ਮੁਤਾਬਕ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਸੁਝਾਵਾਂ ਅਤੇ ਮਾਰਗਦਰਸ਼ਨ ’ਤੇ ਵਿਚਾਰ ਕਰੇਗੀ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਨਾਲ ਵੀ ਲੋੜੀਂਦਾ ਵਿਚਾਰ-ਵਟਾਂਦਰਾ ਅਤੇ ਤਾਲਮੇਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਸਾਰੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਮਲੇ ਨੂੰ ਅੰਤਿਮ ਰੂਪ ਦੇਣ ਦੀ ਗੱਲ ਕਹੀ ਗਈ ਹੈ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਭੇਜੀ ਗਈ ਜਾਣਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਧਿਆਨ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਅਨੁਸਾਰ ਜਥੇਦਾਰ ਨੇ ਸਰਕਾਰ ਦੀ ਕਾਰਵਾਈ ’ਤੇ ਖੇਦ ਪ੍ਰਗਟ ਕਰਦਿਆਂ ਕਿਹਾ ਕਿ ਦੋ ਮਹੀਨਿਆਂ ਦਾ ਸਮਾਂ ਦਿੱਤੇ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਮਿਆਦ ਖ਼ਤਮ ਹੋਣ ਵਾਲੇ ਦਿਨ ਸਿਰਫ਼ ਕਮੇਟੀ ਸਬੰਧੀ ਜਾਣਕਾਰੀ ਭੇਜੀ ਗਈ ਹੈ।

ਬਗੀਚਾ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ 29 ਜੂਨ ਦੇ ਆਦੇਸ਼ ਤਹਿਤ ਦਿੱਤੀ ਗਈ ਇੱਕ ਮਹੀਨੇ ਦੀ ਮਿਆਦ ਦੌਰਾਨ ਸਰਕਾਰ ਨੇ ਆਖ਼ਰੀ ਦਿਨ 29 ਜੁਲਾਈ ਨੂੰ ਆਪਣਾ ਜਵਾਬ ਭੇਜਿਆ ਸੀ। ਇਸ ਤੋਂ ਬਾਅਦ 30 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਾਨੂੰਨੀ ਮਾਹਰਾਂ ਅਤੇ ਵਿਦਵਾਨਾਂ ’ਤੇ ਆਧਾਰਿਤ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ।

ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ 16 ਸਤੰਬਰ ਨੂੰ ਸੱਤ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਸੀ, ਪਰ ਇਸ ਦੀ ਅਧਿਕਾਰਤ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਆਦ ਪੂਰੀ ਹੋਣ ਦੇ ਆਖ਼ਰੀ ਦਿਨ ਦਿੱਤੀ ਗਈ। ਬਗੀਚਾ ਸਿੰਘ ਮੁਤਾਬਕ ਇਸ ਨਾਲ ਇਹ ਪ੍ਰਭਾਵ ਬਣਦਾ ਹੈ ਕਿ ਮਾਮਲੇ ਦੇ ਹੱਲ ਦੀ ਬਜਾਏ ਇਸ ਨੂੰ ਅੱਗੇ ਲਟਕਾਇਆ ਜਾ ਰਿਹਾ ਹੈ।

ਉਨ੍ਹਾਂ ਦੁਹਰਾਇਆ ਕਿ ਜਦੋਂ ਤੱਕ ਬੇਅਦਬੀ ਰੋਕੂ ਕਾਨੂੰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਵਿਚਕਾਰ ਸਹਿਮਤੀ ਨਹੀਂ ਬਣਦੀ, ਉਦੋਂ ਤੱਕ ਕਾਨੂੰਨ ਨੂੰ ਮੁਅੱਤਲ ਰੱਖਣ ਲਈ ਸਰਕਾਰ ਨੂੰ ਨੋਟੀਫ਼ਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.