ਤਾਜਾ ਖਬਰਾਂ
ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਨਾਲ ਜੁੜੀ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨੰਗਲ ਦੇ ਨੇੜਲੇ ਪਿੰਡ ਲੋਅਰ ਪੱਟੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੂੰ ਸਾਊਦੀ ਅਰਬ ਦੀ ਇੱਕ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਸ ਖ਼ਬਰ ਦੇ ਆਉਂਦੇ ਹੀ ਇਲਾਕੇ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਚਾਰ ਸਾਲ ਪਹਿਲਾਂ ਟਰੱਕ ਡਰਾਈਵਿੰਗ ਦੇ ਕੰਮ ਲਈ ਮਸਕਟ ਗਿਆ ਸੀ। ਪਰ ਲਗਭਗ ਦੋ ਸਾਲ ਪਹਿਲਾਂ ਸਾਊਦੀ ਅਰਬ ਵਿੱਚ ਉਸ ਦੇ ਟਰੱਕ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਹੋਣ ਦੇ ਆਰੋਪ ਹੇਠ ਉੱਥੋਂ ਦੀ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਲੰਬੀ ਸੁਣਵਾਈ ਤੋਂ ਬਾਅਦ ਹੁਣ ਉੱਥੋਂ ਦੀ ਅਦਾਲਤ ਨੇ ਉਸ ਨੂੰ ਮੌਤ ਦੀ ਸਜ਼ਾ ਦਾ ਸੁਣਾ ਦਿੱਤੀ ਹੈ।
ਗੁਰਪ੍ਰੀਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਹੈ ਅਤੇ ਉਸ ਦੇ ਪਿਤਾ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਹੈ। ਉਸ ਦੀ ਬਜ਼ੁਰਗ ਮਾਂ ਜਸਵੰਤ ਕੌਰ ਨੇ ਆਪਣੇ ਪੁੱਤਰ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਉਸ ਨੂੰ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਗੁਰਪ੍ਰੀਤ ਦੀ ਜਾਨ ਬਚਾਉਣ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
ਪਿੰਡ ਦੀ ਸਰਪੰਚ ਮੋਨਿਕਾ ਦੇਵੀ ਅਤੇ ਹੋਰ ਪਿੰਡ ਵਾਸੀਆਂ ਨੇ ਵੀ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਰਪੰਚ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਸੰਵੇਦਨਸ਼ੀਲ ਮੁੱਦੇ ਨੂੰ ਸਾਊਦੀ ਅਰਬ ਦੇ ਉੱਚ ਅਧਿਕਾਰੀਆਂ ਕੋਲ ਕੂਟਨੀਤਕ (ਡਿਪਲੋਮੈਟਿਕ) ਚੈਨਲਾਂ ਰਾਹੀਂ ਪਹਿਲ ਦੇ ਆਧਾਰ 'ਤੇ ਉਠਾਇਆ ਜਾਵੇ
ਪਰਿਵਾਰ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਆਪਣਾ ਦੁੱਖ ਸਾਂਝਾ ਕੀਤਾ। ਮੰਤਰੀ ਬੈਂਸ ਨੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਗੁਰਪ੍ਰੀਤ ਸਿੰਘ ਦੀ ਰਹਿਮ ਦੀ ਅਪੀਲ (Mercy Petition) ਤੁਰੰਤ ਭਾਰਤੀ ਵਿਦੇਸ਼ ਮੰਤਰਾਲੇ ਨੂੰ ਭੇਜੀ ਜਾਵੇਗੀ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਕੇਂਦਰ ਰਾਹੀਂ ਸਾਊਦੀ ਅਰਬ ਸਰਕਾਰ ਨਾਲ ਗੱਲਬਾਤ ਕਰਕੇ ਨੌਜਵਾਨ ਦੀ ਸੁਰੱਖਿਅਤ ਵਤਨ ਵਾਪਸੀ ਲਈ ਪੂਰਾ ਜ਼ੋਰ ਲਗਾਏਗੀ।
Get all latest content delivered to your email a few times a month.