ਤਾਜਾ ਖਬਰਾਂ
ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਬਲਾਤਕਾਰ ਦੇ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖ਼ਿਲਾਫ਼ ਰੋਸ ਜਾਰੀ ਹੈ। ਜਥੇਬੰਦੀਆਂ ਵੱਲੋਂ ਧਾਮੀ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਗਿਆ।
ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਬਹਿਰੀਨ ਦੀ ਮਹਿਲਾ ਵੱਲੋਂ ਚਾਵਲਾ ਖ਼ਿਲਾਫ਼ ਲਗਾਏ ਗਏ ਬਲਾਤਕਾਰ, ਬੰਧਕ ਬਣਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਦੋਸ਼ਾਂ ਨਾਲ ਸਬੰਧਤ ਮਾਮਲੇ ਦੀ ਜਾਂਚ ਨੂੰ ਲੈ ਕੇ ਸਪੱਸ਼ਟਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਧਾਮੀ ਵੱਲੋਂ ਮਾਮਲੇ ਨੂੰ ਸੀਬੀਆਈ ਕੋਲ ਭੇਜਣ ਦੀ ਗੱਲ ਕੀਤੀ ਗਈ ਹੈ, ਜਿਸ ’ਤੇ ਉਹ ਸਵਾਲ ਖੜ੍ਹੇ ਕਰ ਰਹੇ ਹਨ।
ਪ੍ਰੈਸ ਕਾਨਫਰੰਸ ਦੌਰਾਨ ਜਥੇਬੰਦੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਧਾਮੀ ਤੋਂ ਪੰਜ ਸਵਾਲਾਂ ਦੇ ਜਵਾਬ ਮੰਗੇ ਗਏ ਸਨ, ਪਰ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਵੀ ਧਾਮੀ ਦੀ ਭੂਮਿਕਾ ’ਤੇ ਸਵਾਲ ਚੁੱਕੇ।
ਬੀਬੀ ਜਗੀਰ ਕੌਰ ਦੇ ਖਾਤੇ ਵਿੱਚ ਇੱਕ ਲੱਖ ਰੁਪਏ ਟਰਾਂਸਫਰ ਕਰਨ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਜਥੇਬੰਦੀਆਂ ਨੇ ਜਾਂਚ ਦੀ ਨਿਰਪੱਖਤਾ ’ਤੇ ਵੀ ਸਵਾਲ ਉਠਾਏ। ਉਨ੍ਹਾਂ ਮੁਤਾਬਕ ਇਸ ਮਾਮਲੇ ਵਿੱਚ 18 ਤਰੀਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਅਤੇ ਧਾਮੀ ਦਾ ਅਸਤੀਫ਼ਾ ਲੈਣ ਦੀ ਮੰਗ ਕੀਤੀ ਜਾਵੇਗੀ।
ਜਥੇਬੰਦੀਆਂ ਨੇ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਕਮੇਟੀ ਬਣਾ ਕੇ ਕਰਵਾਈ ਜਾਵੇ ਅਤੇ ਇਸ ਵਿੱਚ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸ਼ਾਮਲ ਨਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਚਾਵਲਾ ਦੇ ਕਥਿਤ ਸਾਥੀ ਨਾਲ ਸਬੰਧਤ ਹੋਰ ਦੋਸ਼ਾਂ ਦੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
Get all latest content delivered to your email a few times a month.