IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ...

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

Admin User - Oct 02, 2026 08:17 PM
IMG

ਚੰਡੀਗੜ੍ਹ/ਪਟਿਆਲਾ, 2 ਅਕਤੂਬਰ: 

ਏਸ਼ੀਅਨ ਗੇਮਜ਼ ਵਿੱਚ ਅਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀਐਸਪੀ ਅਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਸਵਾਗਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਪਟਿਆਲਾ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਕੌਮਾਂਤਰੀ ਪੱਧਰ ’ਤੇ ਪਟਿਆਲਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਉਲੰਪੀਅਨ ਤੂਰ ਨੂੰ ਫੁੱਲਾਂ ਨਾਲ ਲੱਦ ਕੇ ਸਨਮਾਨਿਤ ਕੀਤਾ।

ਇਸ ਮੌਕੇ ਲਗਾਤਾਰ ਦੋ ਏਸ਼ੀਅਨ ਗੇਮਜ਼ ਵਿੱਚ ਸ਼ਾਟਪੁੱਟ ਦਾ ਸੋਨ ਤਗ਼ਮਾ ਜਿੱਤਣ ਅਤੇ ਇਸ ਵਾਰ ਚਾਂਦੀ ਦਾ ਤਗ਼ਮਾ ਹਾਸਲ ਕਰਨ ਵਾਲੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਦੀ ਬਾਂਹ ਫੜੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸੱਟਾਂ ਕਾਰਨ ਇਸ ਵਾਰ ਉਹ ਸੋਨ ਤਗ਼ਮਾ ਹਾਸਲ ਕਰਨ ਤੋਂ ਰਹਿ ਗਏ, ਪਰ ਪਰਿਵਾਰ, ਵਿਭਾਗ ਅਤੇ ਸਰਕਾਰ ਵੱਲੋਂ ਮਿਲ ਰਹੇ ਸਹਿਯੋਗ ਨਾਲ ਉਹ ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੋਨ ਤਗ਼ਮਾ ਜਿੱਤਣ ਲਈ ਪੂਰੀ ਮਿਹਨਤ ਕਰਨਗੇ।

ਉਲੰਪੀਅਨ ਤੂਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਕੈਂਪਾਂ ਤੋਂ ਲੈ ਕੇ ਕੌਮਾਂਤਰੀ ਮੁਕਾਬਲਿਆਂ ਵਿੱਚ ਭਾਗ ਲੈਣ ਤੱਕ ਖਿਡਾਰੀਆਂ ਨੂੰ ਵਿਸ਼ੇਸ਼ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਨਾਲ ਖਿਡਾਰੀਆਂ ਦਾ ਮਨੋਬਲ ਵਧਿਆ ਹੈ।

ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਨਿੱਘਾ ਸਵਾਗਤ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਤੂਰ ਦੀ ਸ਼ਾਨਦਾਰ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਤੇਜਿੰਦਰਪਾਲ ਸਿੰਘ ਤੂਰ, ਦਲਜੀਤ ਸਿੰਘ ਰਾਣਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਵਰਗੀਆਂ ਸ਼ਖ਼ਸੀਅਤਾਂ ਦੀ ਪ੍ਰੇਰਣਾ ਸਦਕਾ ਪਟਿਆਲਾ ਦੇ ਨਵੇਂ ਖਿਡਾਰੀ ਵੀ ਅਥਲੈਟਿਕਸ, ਸ਼ਾਟਪੁੱਟ, ਡਿਸਕਸ ਥਰੋਅ ਸਮੇਤ ਵੱਖ-ਵੱਖ ਖੇਡਾਂ ਵਿੱਚ ਅੱਗੇ ਵੱਧ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼ਾਟਪੁੱਟ ਅਤੇ ਡਿਸਕਸ ਥਰੋਅ ਵਰਗੀਆਂ ਖੇਡਾਂ ਵਿੱਚ ਕੌਮਾਂਤਰੀ ਪੱਧਰ ’ਤੇ ਤਗ਼ਮਾ ਜਿੱਤਣਾ ਕੋਈ ਆਸਾਨ ਪ੍ਰਾਪਤੀ ਨਹੀਂ ਹੈ। ਤੂਰ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਪਣੇ ਮਾਪਿਆਂ, ਪਟਿਆਲਾ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ-ਪਿੰਡ ਖੇਡ ਮੈਦਾਨ ਵਿਕਸਤ ਕਰਨ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੇ ਵਧੇਰੇ ਮੌਕੇ ਮਿਲ ਰਹੇ ਹਨ।

ਵਿਧਾਇਕ ਗੁਰਲਾਲ ਘਨੌਰ ਨੇ ਉਮੀਦ ਪ੍ਰਗਟਾਈ ਕਿ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿੱਚ ਹੋਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਲਈ ਹੋਰ ਤਗ਼ਮੇ ਜਿੱਤਣਗੇ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸਡੀਐਮ ਗੁਰਦੇਵ ਸਿੰਘ, ਦਲਜੀਤ ਸਿੰਘ ਰਾਣਾ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਕੌਮਾਂਤਰੀ ਰੈਸਲਰ ਅਤੇ ਰੈਸਲਿੰਗ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਰਣਧੀਰ ਸਿੰਘ, ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਹਰਭਜਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਟਿਆਲਾ ਵਾਸੀ, ਖੇਡ ਪ੍ਰੇਮੀ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.