ਤਾਜਾ ਖਬਰਾਂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਸਥਿਤ ਆਪਣੇ ਦਫ਼ਤਰ ਵਿੱਚ ਸਿੰਚਾਈ, ਕੈਨਾਲ ਅਤੇ ਬੀ.ਐੱਮ.ਐੱਲ. ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕੇ ਵਿੱਚ ਚੱਲ ਰਹੇ ਅਤੇ ਲੰਬਿਤ ਸਿੰਚਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਹਿਰੀ ਮੋਘਿਆਂ ਸਮੇਤ ਵੱਖ-ਵੱਖ ਸਿੰਚਾਈ ਸਹੂਲਤਾਂ ਨਾਲ ਜੁੜੇ ਕੰਮਾਂ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਮੰਤਰੀ ਨੇ ਅਧਿਕਾਰੀਆਂ ਤੋਂ ਚੱਲ ਰਹੇ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਅਤੇ ਬਕਾਇਆ ਕੰਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਅਤੇ ਸਿੰਚਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਸ੍ਰੀ ਗੋਇਲ ਨੇ ਕਿਹਾ ਕਿ ਖੇਤੀਬਾੜੀ ਲਈ ਸਿੰਚਾਈ ਸਹੂਲਤਾਂ ਦੀ ਅਹਿਮ ਭੂਮਿਕਾ ਹੈ, ਇਸ ਲਈ ਕਿਸੇ ਵੀ ਪ੍ਰੋਜੈਕਟ ਨੂੰ ਬੇਵਜ੍ਹਾ ਲਟਕਾਇਆ ਨਾ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਪ੍ਰੋਜੈਕਟਾਂ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਜਲਦ ਦੂਰ ਕਰਨ ਲਈ ਕਿਹਾ।
ਉਨ੍ਹਾਂ ਅਧਿਕਾਰੀਆਂ ਨੂੰ ਕੰਮਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਪ੍ਰਗਤੀ ਦੀ ਲਗਾਤਾਰ ਸਮੀਖਿਆ ਕਰਨ ਦੇ ਵੀ ਨਿਰਦੇਸ਼ ਦਿੱਤੇ। ਮੰਤਰੀ ਨੇ ਕਿਹਾ ਕਿ ਨਹਿਰੀ ਮੋਘਿਆਂ ਅਤੇ ਹੋਰ ਸਿੰਚਾਈ ਸਹੂਲਤਾਂ ਨਾਲ ਜੁੜੀਆਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਮੇਂ ਸਿਰ ਹੱਲ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਵਿੱਚ ਸਿੰਚਾਈ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਬਕਾਇਆ ਪ੍ਰੋਜੈਕਟਾਂ ਨੂੰ ਪੂਰਾ ਕਰਵਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟਾਂ ਦੀ ਪ੍ਰਗਤੀ ’ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ, ਤਾਂ ਜੋ ਇਨ੍ਹਾਂ ਦਾ ਲਾਭ ਸਮੇਂ ਸਿਰ ਕਿਸਾਨਾਂ ਤੱਕ ਪਹੁੰਚ ਸਕੇ।
Get all latest content delivered to your email a few times a month.