IMG-LOGO
ਹੋਮ ਪੰਜਾਬ: 2027 ’ਚ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ...

2027 ’ਚ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਅਕਾਲੀ ਦਲ ਨੂੰ ਮੌਕਾ ਦਿਓ: ਸੁਖਬੀਰ ਬਾਦਲ

Admin User - Oct 04, 2026 06:57 PM
IMG

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਰਗੜ੍ਹ ਵਿੱਚ ਪੰਜਾਬ ਬਚਾਓ ਮੁਹਿੰਮ ਤਹਿਤ ਕੀਤੀ ਰੈਲੀ ਦੌਰਾਨ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਜਿਹੀ ਸਰਕਾਰ ਚੁਣਨ ਜੋ ਸੂਬੇ ਨੂੰ ਵਿਕਾਸ, ਖੇਤੀਬਾੜੀ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਅੱਗੇ ਲੈ ਕੇ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਤੇਜ਼ੀ ਨਾਲ ਵਿਕਸਤ ਕਰਨ ਲਈ ਅਕਾਲੀ ਦਲ ਕੋਲ ਸਪੱਸ਼ਟ ਵਿਜ਼ਨ ਅਤੇ ਤਜਰਬਾ ਹੈ।

ਸੁਖਬੀਰ ਬਾਦਲ ਨੇ ਅਮਰਗੜ੍ਹ ਤੋਂ ਪਾਰਟੀ ਦੇ ਨਵੇਂ ਹਲਕਾ ਇੰਚਾਰਜ ਜੱਸੀ ਮਨਵੀ ਨੂੰ ਵਧਾਈ ਦਿੱਤੀ ਅਤੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵੋਟਰਾਂ ਨੂੰ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮਾਲੇਰਕੋਟਲਾ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਦੇ ਨਾਲ-ਨਾਲ ਜ਼ਿਲ੍ਹੇ ਵਿੱਚ ਮੈਡੀਕਲ ਅਤੇ ਵੈਟਨਰੀ ਕਾਲਜ ਸਥਾਪਿਤ ਕੀਤੇ ਜਾਣਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਨੂੰ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ, ਕਾਨੂੰਨ ਵਿਵਸਥਾ ਅਤੇ ਵਿਕਾਸ ਵਰਗੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਸਿਆਸੀ ਪ੍ਰਚਾਰ ’ਤੇ ਜ਼ਿਆਦਾ ਧਿਆਨ ਦੇ ਰਹੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਭਗਵੰਤ ਮਾਨ ਦੀਆਂ ਸਰਕਾਰਾਂ ਨੂੰ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਾ ਉਤਰਨ ਲਈ ਘੇਰਿਆ।

ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਉਦਯੋਗਪਤੀਆਂ ਵੱਲੋਂ ਉਨ੍ਹਾਂ ਕੋਲ ਸਰਕਾਰ ’ਤੇ ਚੋਣ ਫੰਡ ਦੇ ਨਾਂ ’ਤੇ ਪੈਸੇ ਦੇਣ ਲਈ ਦਬਾਅ ਪਾਉਣ ਦੀਆਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਇਸ ਦਾ ਜਵਾਬ ਦੇਣਗੇ।

ਨਸ਼ਿਆਂ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਅਕਾਲੀ ਦਲ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਸਖ਼ਤ ਕਾਨੂੰਨ ਲਿਆਏਗਾ। ਉਨ੍ਹਾਂ ਮੁਤਾਬਕ ਨਸ਼ਾ ਤਸਕਰਾਂ ਨੂੰ ਲੰਬੇ ਸਮੇਂ ਤੱਕ ਜ਼ਮਾਨਤ ਨਾ ਮਿਲਣ ਅਤੇ ਉਨ੍ਹਾਂ ਦੀ ਗੈਰ-ਕਾਨੂੰਨੀ ਜਾਇਦਾਦ ਜ਼ਬਤ ਕਰਨ ਲਈ ਸਖ਼ਤ ਪ੍ਰਬੰਧ ਕੀਤੇ ਜਾਣਗੇ।

ਉਨ੍ਹਾਂ ਸਰਕਾਰ ’ਤੇ ਖੇਤੀਬਾੜੀ ਅਤੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਵੀ ਦੋਸ਼ ਲਾਇਆ। ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਸਾਰੀਆਂ ਫਸਲਾਂ ’ਤੇ ਐਮਐਸਪੀ ਅਤੇ ਕੁਦਰਤੀ ਆਫ਼ਤਾਂ ਦੌਰਾਨ ਮੁਆਵਜ਼ੇ ਦੇ ਵਾਅਦੇ ਕੀਤੇ ਗਏ ਸਨ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਵੱਖਰੇ ਹਨ। ਇਸੇ ਤਰ੍ਹਾਂ ਉਨ੍ਹਾਂ ਸੰਗਰੂਰ ਵਿੱਚ ਮੈਡੀਕਲ ਕਾਲਜ ਦੇ ਕੰਮ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ।

ਇਸ ਮੌਕੇ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਰਕਰਾਂ ਨੂੰ ਤਿਆਰੀਆਂ ਤੇਜ਼ ਕਰਨ ਦਾ ਸੱਦਾ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.