ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਪੁਲਿਸ ਵੱਲੋਂ ਕੀਤੀ ਕਾਰਵਾਈ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਦਾਖ਼ਲ ਹੋ ਕੇ ਲੰਗਰ ਹਾਲ ਵਿੱਚ ਅਣਉਚਿਤ ਵਿਹਾਰ ਕੀਤਾ ਗਿਆ ਅਤੇ ਸਿੱਖ ਸ਼ਹੀਦਾਂ ਨਾਲ ਸਬੰਧਤ ਪੋਸਟਰ ਪਾੜੇ ਗਏ। ਧਾਮੀ ਨੇ ਇਸ ਕਾਰਵਾਈ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਰਾਰ ਦਿੱਤਾ।
ਐਡਵੋਕੇਟ ਧਾਮੀ ਨੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ ਦਾ ਵੀ ਵਿਰੋਧ ਕਰਦਿਆਂ ਕਿਹਾ ਕਿ ਕਿਸੇ ਵੀ ਮਾਮਲੇ ਦਾ ਹੱਲ ਕਾਨੂੰਨੀ ਪ੍ਰਕਿਰਿਆ ਰਾਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਈ ਟਿੰਮਾ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ।
ਉਨ੍ਹਾਂ ਕਿਹਾ ਕਿ ਭਾਈ ਟਿੰਮਾ ਲੰਬੇ ਸਮੇਂ ਤੋਂ ਸਿੱਖ ਹੱਕਾਂ ਅਤੇ ਕੌਮੀ ਮਸਲਿਆਂ ਨੂੰ ਲੈ ਕੇ ਆਪਣੀ ਆਵਾਜ਼ ਉਠਾਉਂਦੇ ਰਹੇ ਹਨ। ਧਾਮੀ ਨੇ ਰਾਜਸਥਾਨ ਪੁਲਿਸ ਦੇ ਰਵੱਈਏ ਨੂੰ ਪੱਖਪਾਤੀ ਦੱਸਦਿਆਂ ਪੂਰੇ ਮਾਮਲੇ ਦੀ ਉੱਚ ਪੱਧਰੀ, ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਹੈ।
SGPC ਪ੍ਰਧਾਨ ਨੇ ਰਾਜਸਥਾਨ ਸਰਕਾਰ ਤੋਂ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਦੀ ਮਰਯਾਦਾ ਭੰਗ ਕਰਨ ਦੇ ਦੋਸ਼ਾਂ ਦੀ ਜਾਂਚ ਕਰਕੇ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਭਾਈ ਟਿੰਮਾ ਖ਼ਿਲਾਫ਼ ਦਰਜ ਮਾਮਲੇ ਦੀ ਮੁੜ ਨਿਰਪੱਖ ਜਾਂਚ ਕਰਵਾਉਣ ਅਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।
ਧਾਮੀ ਨੇ ਕਿਹਾ ਕਿ ਸੰਵਿਧਾਨ ਹਰ ਧਰਮ ਦੇ ਲੋਕਾਂ ਨੂੰ ਆਪਣੇ ਧਾਰਮਿਕ ਵਿਸ਼ਵਾਸਾਂ ਅਤੇ ਪਰੰਪਰਾਵਾਂ ਅਨੁਸਾਰ ਜੀਵਨ ਬਤੀਤ ਕਰਨ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਧਾਰਮਿਕ ਅਸਥਾਨਾਂ ਦੀ ਮਰਯਾਦਾ ਅਤੇ ਘੱਟਗਿਣਤੀ ਭਾਈਚਾਰਿਆਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
Get all latest content delivered to your email a few times a month.