ਤਾਜਾ ਖਬਰਾਂ
ਗੁਰਦਾਸਪੁਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਜੋਸ਼ੋ-ਖਰੋਸ਼ ਨਾਲ ਹੋਈ। ਸਥਾਨਕ ਜੂਡੋ ਹਾਲ ਵਿੱਚ ਕਰਵਾਏ ਗਏ ਖੇਡ ਮੁਕਾਬਲਿਆਂ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਕੀਤਾ। ਇਸ ਮੌਕੇ ਵੱਖ-ਵੱਖ ਥਾਵਾਂ ਤੋਂ ਪਹੁੰਚੇ ਖਿਡਾਰੀਆਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ।
ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਰਾਜੀਵ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਮੰਚ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਅਤੇ ਸੂਬੇ ਤੋਂ ਲੈ ਕੇ ਕੌਮੀ ਪੱਧਰ ਤੱਕ ਆਪਣੀ ਪਛਾਣ ਬਣਾਉਣ ਦਾ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਦੀ ਖੁਰਾਕ, ਰਿਹਾਇਸ਼ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।
ਇਸ ਦੌਰਾਨ ਜੂਡੋ ਕੋਚ ਅਮਰਜੀਤ ਸ਼ਾਸਤਰੀ ਨੇ ਮਹਿਲਾ ਖਿਡਾਰਨਾਂ ਦੀ ਸਹੂਲਤ ਲਈ ਵੱਖਰਾ ਜੂਡੋ ਹਾਲ ਬਣਾਉਣ ਦੀ ਮੰਗ ਰੱਖੀ। ਚੇਅਰਮੈਨ ਰਾਜੀਵ ਸ਼ਰਮਾ ਨੇ ਮੰਗ ਨੂੰ ਪ੍ਰਵਾਨ ਕਰਦਿਆਂ ਸਕੀਮ ਨੰਬਰ-7 ਸਥਿਤ ਸਪੋਰਟਸ ਕਲੱਬ ਵਿੱਚ ਲੜਕੀਆਂ ਲਈ ਵਿਸ਼ੇਸ਼ ਜੂਡੋ ਹਾਲ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਹਾਲ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ, ਜਿਸ ਨਾਲ ਮਹਿਲਾ ਖਿਡਾਰਨਾਂ ਨੂੰ ਬਿਹਤਰ ਮਾਹੌਲ ਵਿੱਚ ਅਭਿਆਸ ਕਰਨ ਦੀ ਸਹੂਲਤ ਮਿਲੇਗੀ।
ਜੂਡੋ ਕੋਚ ਅਮਰਜੀਤ ਸ਼ਾਸਤਰੀ ਨੇ ਗੁਰਦਾਸਪੁਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਲਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਰਾਜੀਵ ਸ਼ਰਮਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੁਕਾਬਲਿਆਂ ਦੇ ਅੰਤ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵੱਲੋਂ ਖੇਡਾਂ ਦੇ ਵਿਕਾਸ ਵਿੱਚ ਯੋਗਦਾਨ ਲਈ ਚੇਅਰਮੈਨ ਰਾਜੀਵ ਸ਼ਰਮਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।
Get all latest content delivered to your email a few times a month.