ਤਾਜਾ ਖਬਰਾਂ
ਮਾਨਸਾ ਦੇ ਸਰਦੂਲਗੜ੍ਹ ਹਲਕੇ ਦੇ ਪਿੰਡ ਫੱਤਾ ਮਾਲੋਕਾ ਵਿਖੇ ਹੋਈ ਵਿਸ਼ਾਲ ਜਨ ਸਭਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਵਿਰੋਧੀ ਪਾਰਟੀਆਂ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਆਪ ਸਭਾ ਵਿੱਚ ਪਹੁੰਚੇ ਹਨ। ਸਮਾਗਮ ਵਿੱਚ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਅਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਵੀ ਮੌਜੂਦ ਰਹੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਘਰੇਲੂ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ ਅਤੇ ਕਿਸਾਨਾਂ ਨੂੰ ਖੇਤੀ ਲਈ ਦਿਨ ਵੇਲੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖੇਤਾਂ ਦੇ ਆਖ਼ਰੀ ਸਿਰੇ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵੀ ਉਪਰਾਲੇ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਰਾਤ ਸਮੇਂ ਖੇਤਾਂ ਵਿੱਚ ਜਾ ਕੇ ਸਿੰਚਾਈ ਕਰਨੀ ਪੈਂਦੀ ਸੀ, ਪਰ ਹੁਣ ਦਿਨ ਵੇਲੇ ਬਿਜਲੀ ਮਿਲਣ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਘਟੀਆਂ ਹਨ।
ਸਮਾਗਮ ਦੌਰਾਨ ਏਸ਼ੀਆਈ ਖੇਡਾਂ ਦੀ ਰੋਇੰਗ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਪੰਜਾਬੀ ਖਿਡਾਰੀ ਸਤਨਾਮ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨੇ ਉਨ੍ਹਾਂ ਨੂੰ 50 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਾ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੋਨੇ ਦੇ ਤਮਗੇ ਲਈ 1 ਕਰੋੜ, ਚਾਂਦੀ ਲਈ 75 ਲੱਖ ਅਤੇ ਕਾਂਸੀ ਦੇ ਤਮਗੇ ਲਈ 50 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨਾ ਹੈ।
ਸਿੱਖਿਆ ਖੇਤਰ ਦੀ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਗਏ ਹਨ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਦੇਣ ਦੇ ਮੌਕੇ ਮਿਲੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2021 ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੇਵਲ 80 ਵਿਦਿਆਰਥੀਆਂ ਨੇ NEET ਪਾਸ ਕੀਤੀ ਸੀ, ਜਦਕਿ 2026 ਵਿੱਚ ਇਹ ਗਿਣਤੀ ਵੱਧ ਕੇ 882 ਹੋ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹੁਣ ਤੱਕ 70,685 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ ਨੇ ਆਮ ਆਦਮੀ ਕਲੀਨਿਕਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਵੱਖ-ਵੱਖ ਸੁਧਾਰਾਂ ਕਾਰਨ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਵੀ ਅੱਗੇ ਵਧਿਆ ਹੈ।
ਸਿਆਸੀ ਮੁੱਦਿਆਂ ‘ਤੇ ਬੋਲਦਿਆਂ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਰਵਾਇਤੀ ਪਾਰਟੀਆਂ ‘ਤੇ ਪਰਿਵਾਰਵਾਦ ਦੀ ਸਿਆਸਤ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਜਿਹੀ ਸਿਆਸਤ ਨੂੰ ਨਕਾਰ ਰਹੇ ਹਨ। ਉਨ੍ਹਾਂ ਬਾਦਲ ਪਰਿਵਾਰ ‘ਤੇ ਪੰਜਾਬ ਦੇ ਵਸੀਲਿਆਂ ‘ਤੇ ਕਬਜ਼ਾ ਕਰਨ ਅਤੇ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਵੀ ਗੰਭੀਰ ਦੋਸ਼ ਲਗਾਏ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਮ ਪਰਿਵਾਰਾਂ ਦੇ ਨੌਜਵਾਨ ਸਿੱਖਿਆ, ਖੇਡਾਂ ਅਤੇ ਸਰਕਾਰੀ ਅਹੁਦਿਆਂ ਵਿੱਚ ਆਪਣੀ ਪਛਾਣ ਬਣਾ ਰਹੇ ਹਨ।
Get all latest content delivered to your email a few times a month.