ਤਾਜਾ ਖਬਰਾਂ
ਜੰਮੂ-ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਪੱਧਰ 'ਤੇ ਮਾਨਤਾ ਦੇਣ ਅਤੇ ਸਕੂਲਾਂ ਦੇ ਪਾਠਕ੍ਰਮ ਵਿੱਚ ਮੁੜ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ 'ਜੰਮੂ ਪੰਜਾਬੀ ਮੋਰਚਾ' ਦੇ ਬੈਨਰ ਹੇਠ ਸਿੱਖ ਭਾਈਚਾਰੇ ਵੱਲੋਂ ਜ਼ੋਰਦਾਰ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਉਪ ਰਾਜਪਾਲ (LG) ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਮਾਂ ਬੋਲੀ ਪੰਜਾਬੀ ਨੂੰ ਸਿੱਖਿਆ ਖੇਤਰ ਵਿੱਚ ਬਣਦਾ ਉਚਿਤ ਸਥਾਨ ਦਿੱਤਾ ਜਾਵੇ।
ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸੁਰਜਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 1947 ਤੋਂ ਪਹਿਲਾਂ ਵੀ ਜੰਮੂ ਖੇਤਰ ਦੇ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਪੜ੍ਹਾਈ ਜਾਂਦੀ ਸੀ, ਪਰ ਬਾਅਦ ਵਿੱਚ ਇਸ ਨੂੰ ਪਾਠਕ੍ਰਮ 'ਚੋਂ ਹਟਾ ਦਿੱਤਾ ਗਿਆ। ਉਨ੍ਹਾਂ ਦੁੱਖ ਪ੍ਰਗਟਾਇਆ ਕਿ ਲੰਮੇ ਸਮੇਂ ਤੋਂ ਪ੍ਰਸ਼ਾਸਨ ਕੋਲ ਗੁਹਾਰ ਲਗਾਉਣ ਦੇ ਬਾਵਜੂਦ ਇਸ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਿਰਾਸਤ ਅਤੇ ਭਾਸ਼ਾ ਨਾਲ ਜੋੜਨਾ ਸਾਡਾ ਫ਼ਰਜ਼ ਹੈ।
ਸੁਰਜਨ ਸਿੰਘ ਨੇ ਆਸ ਪ੍ਰਗਟਾਈ ਕਿ ਜਿਵੇਂ ਉਪ ਰਾਜਪਾਲ ਨੇ ਪਹਿਲਾਂ ਵੀ ਨੌਜਵਾਨਾਂ ਦੇ ਮੁੱਦੇ ਗੰਭੀਰਤਾ ਨਾਲ ਸੁਣੇ ਹਨ, ਉਸੇ ਤਰ੍ਹਾਂ ਪੰਜਾਬੀ ਭਾਸ਼ਾ ਨਾਲ ਜੁੜੀ ਇਸ ਸੰਜੀਦਾ ਮੰਗ 'ਤੇ ਵੀ ਤੁਰੰਤ ਠੋਸ ਕਦਮ ਚੁੱਕੇ ਜਾਣਗੇ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਉਹ ਆਪਣਾ ਪੱਖ ਲੋਕਤੰਤਰਿਕ ਤਰੀਕੇ ਨਾਲ ਰੱਖ ਰਹੇ ਹਨ, ਪਰ ਜੇਕਰ ਪ੍ਰਸ਼ਾਸਨ ਨੇ ਕੋਈ ਹੁੰਗਾਰਾ ਨਾ ਭਰਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪ੍ਰਦਰਸ਼ਨਾਂ ਅਤੇ ਧਰਨਿਆਂ ਰਾਹੀਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਫਿਲਹਾਲ ਇਸ ਸਬੰਧੀ ਸਰਕਾਰ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
Get all latest content delivered to your email a few times a month.