ਤਾਜਾ ਖਬਰਾਂ
ਤਰਨਤਾਰਨ ਪੁਲਿਸ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਅਮਨ-ਸ਼ਾਂਤੀ ਭੰਗ ਕਰਨ ਦੀ ਕਥਿਤ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਦੋਵੇਂ ਸ਼ੱਕੀ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਨਾਲ ਜੁੜੇ ਨੈੱਟਵਰਕ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ।
ਪੁਲਿਸ ਨੂੰ ਮਿਲੀ ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਸੀ.ਆਈ.ਏ. ਸਟਾਫ਼ ਦੇ ਇੰਸਪੈਕਟਰ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਾਰਵਾਈ ਕੀਤੀ ਗਈ। ਥਾਣਾ ਖਾਲੜਾ ਦੇ ਮੁਖੀ ਦਿਲਬਾਗ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਖੇਮਕਰਨ ਇਲਾਕੇ ਵਿੱਚ ਛਾਪੇਮਾਰੀ ਕਰਕੇ ਕ੍ਰਿਸ਼ਨ ਸਿੰਘ ਅਤੇ ਪ੍ਰਿੰਸਪਾਲ ਸਿੰਘ ਨੂੰ ਕਾਬੂ ਕਰ ਲਿਆ।
ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਬਰਾਮਦ ਕੀਤੇ ਗਏ ਗ੍ਰਨੇਡ ਕਥਿਤ ਤੌਰ ’ਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਸਰਹੱਦ ਅੰਦਰ ਪਹੁੰਚਾਏ ਗਏ ਸਨ। ਪੁਲਿਸ ਹੁਣ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਸ ਨੈੱਟਵਰਕ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ ਅਤੇ ਗ੍ਰਨੇਡ ਕਿਸ ਮਕਸਦ ਲਈ ਵਰਤੇ ਜਾਣੇ ਸਨ।
ਇਸ ਸਬੰਧੀ ਥਾਣਾ ਖਾਲੜਾ ਵਿੱਚ ਧਮਾਕਾਖੇਜ਼ ਸਮੱਗਰੀ ਨਾਲ ਸਬੰਧਤ ਕਾਨੂੰਨ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਤਿਉਹਾਰਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਸਰਹੱਦੀ ਅਤੇ ਸੰਵੇਦਨਸ਼ੀਲ ਇਲਾਕਿਆਂ ਤੋਂ ਇਲਾਵਾ ਧਾਰਮਿਕ ਸਥਾਨਾਂ ਅਤੇ ਭੀੜ ਵਾਲੀਆਂ ਥਾਵਾਂ ’ਤੇ ਵਾਧੂ ਸੁਰੱਖਿਆ ਤਾਇਨਾਤ ਕਰਕੇ ਸ਼ੱਕੀ ਗਤੀਵਿਧੀਆਂ ਅਤੇ ਵਾਹਨਾਂ ਦੀ ਜਾਂਚ ਵਧਾ ਦਿੱਤੀ ਗਈ ਹੈ।
Get all latest content delivered to your email a few times a month.