ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਬਣਾਈ ਗਈ ਚਾਰ ਮੈਂਬਰੀ ਕਮੇਟੀ ਆਪਣੀ ਮੁੱਢਲੀ ਰਿਪੋਰਟ ਭਲਕੇ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇਗੀ। ਇਸ ਸਬੰਧੀ ਜਾਣਕਾਰੀ SGPC ਦੇ ਸਕੱਤਰ ਅਤੇ ਜਾਂਚ ਕਮੇਟੀ ਦੇ ਕੁਆਰਡੀਨੇਟਰ ਬਲਵਿੰਦਰ ਸਿੰਘ ਕਾਹਲਵਾਂ ਨੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਕਮੇਟੀ ਵੱਲੋਂ ਮਾਮਲੇ ਨਾਲ ਜੁੜੇ ਦਸਤਾਵੇਜ਼ਾਂ, ਤੱਥਾਂ ਅਤੇ ਵੱਖ-ਵੱਖ ਪੱਖਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਕਮੇਟੀ ਦਾ ਉਦੇਸ਼ ਕਿਸੇ ਧਿਰ ਦੇ ਹੱਕ ਜਾਂ ਵਿਰੋਧ ਵਿੱਚ ਜਾਣ ਦੀ ਬਜਾਏ ਮਾਮਲੇ ਦੀ ਅਸਲ ਸਥਿਤੀ ਅਤੇ ਤੱਥਾਂ ਨੂੰ ਸਾਹਮਣੇ ਲਿਆਉਣਾ ਹੈ।
ਕਾਹਲਵਾਂ ਨੇ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਪਹਿਲਾਂ ਕਿਸੇ ਨਤੀਜੇ ’ਤੇ ਪਹੁੰਚਣਾ ਜਾਂ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਬਿਆਨਬਾਜ਼ੀ ਕਰਨਾ ਉਚਿਤ ਨਹੀਂ ਹੈ। ਉਨ੍ਹਾਂ ਖਾਸ ਤੌਰ ’ਤੇ ਸੋਸ਼ਲ ਮੀਡੀਆ ’ਤੇ ਚੱਲ ਰਹੀ ਬਿਆਨਬਾਜ਼ੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੰਵੇਦਨਸ਼ੀਲ ਮਾਮਲਿਆਂ ਵਿੱਚ ਸੋਸ਼ਲ ਮੀਡੀਆ ਨੂੰ ਜਾਂਚ ਏਜੰਸੀ ਜਾਂ ਅਦਾਲਤ ਦਾ ਬਦਲ ਨਹੀਂ ਬਣਾਇਆ ਜਾ ਸਕਦਾ।
ਉਨ੍ਹਾਂ ਅਪੀਲ ਕੀਤੀ ਕਿ ਜਾਂਚ ਰਿਪੋਰਟ ਸਾਹਮਣੇ ਆਉਣ ਤੱਕ ਸਾਰੀਆਂ ਧਿਰਾਂ ਸੰਜਮ ਵਰਤਣ ਅਤੇ ਬਿਨਾਂ ਪੁਸ਼ਟੀ ਦੇ ਕਿਸੇ ਵਿਅਕਤੀ ਜਾਂ ਸੰਸਥਾ ਬਾਰੇ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਅਜਿਹੀ ਬਿਆਨਬਾਜ਼ੀ ਮਾਮਲੇ ਨੂੰ ਸੁਲਝਾਉਣ ਦੀ ਬਜਾਏ ਹੋਰ ਪੇਚੀਦਾ ਕਰ ਸਕਦੀ ਹੈ।
ਜਾਂਚ ਕਮੇਟੀ ਭਲਕੇ ਆਪਣੀ ਮੁੱਢਲੀ ਰਿਪੋਰਟ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇਗੀ, ਜਿਸ ਤੋਂ ਬਾਅਦ ਰਿਪੋਰਟ ਵਿੱਚ ਸਾਹਮਣੇ ਆਏ ਤੱਥਾਂ ਬਾਰੇ SGPC ਪ੍ਰਧਾਨ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ।
Get all latest content delivered to your email a few times a month.