ਤਾਜਾ ਖਬਰਾਂ
ਕੇਂਦਰੀ ਜਾਂਚ ਬਿਊਰੋ (CBI) ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ (OSD) ਰਾਜਬੀਰ ਸਿੰਘ ਘੁੰਮਣ ਨੂੰ ਸੰਮਨ ਜਾਰੀ ਕਰਦਿਆਂ ਅੱਜ ਹੀ ਚੰਡੀਗੜ੍ਹ ਸਥਿਤ ਏਜੰਸੀ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਮਿਲੀ ਜਾਣਕਾਰੀ ਮੁਤਾਬਕ, ਪੁੱਛਗਿੱਛ ਦੌਰਾਨ ਈਡੀ (ED) ਵੱਲੋਂ ਲਗਾਏ ਗਏ ਕੈਸ਼ ਫ਼ਾਰ ਟਰਾਂਸਫ਼ਰ-ਪੋਸਟਿੰਗ ਅਤੇ ਸਰਕਾਰੀ ਟੈਂਡਰਾਂ ਵਿੱਚ ਦਖ਼ਲਅੰਦਾਜ਼ੀ ਵਰਗੇ ਗੰਭੀਰ ਦੋਸ਼ਾਂ ਬਾਰੇ ਸਵਾਲ-ਜਵਾਬ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਲੰਘੇ ਮੰਗਲਵਾਰ ਸ਼ਾਮ 5 ਵਜੇ ਸੀਬੀਆਈ ਦੀਆਂ ਟੀਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਕੈਂਪ ਦਫ਼ਤਰ ਵਿੱਚ ਅਚਾਨਕ ਛਾਪਾ ਮਾਰਿਆ। ਚੰਡੀਗੜ੍ਹ ਤੋਂ ਇਲਾਵਾ ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਸਮੇਤ ਕੁੱਲ 8 ਥਾਵਾਂ 'ਤੇ ਰਾਤ 11 ਵਜੇ ਤੱਕ ਤਲਾਸ਼ੀ ਅਭਿਆਨ ਚਲਾਇਆ ਗਿਆ। ਜਾਂਚ ਦੌਰਾਨ ਏਜੰਸੀ ਨੇ ਕਈ ਲੈਪਟਾਪ, ਮੋਬਾਈਲ ਅਤੇ ਮਹੱਤਵਪੂਰਨ ਦਸਤਾਵੇਜ਼ ਜ਼ਬਤ ਕੀਤੇ ਹਨ।
ਇਹ ਪੂਰੀ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਇਸ ਤੋਂ ਪਹਿਲਾਂ ਈਡੀ ਨੇ ਸੀਐਮ ਆਫ਼ਿਸ 'ਚ ਟਰਾਂਸਫ਼ਰ-ਪੋਸਟਿੰਗ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਓਐਸਡੀ ਰਾਜਬੀਰ ਸਿੰਘ ਘੁੰਮਣ ਨੂੰ ਮੁੱਖ ਦੋਸ਼ੀ ਬਣਾਇਆ ਸੀ। ਹਾਲਾਂਕਿ, ਉਸ ਸਮੇਂ ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਕੋਈ ਐਫਆਈਆਰ (FIR) ਦਰਜ ਨਹੀਂ ਕੀਤੀ ਗਈ ਸੀ।
Get all latest content delivered to your email a few times a month.